ਧੂਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਵਪਾਰ ਲਈ ਹੋਰ ਵਧੀਆ, ਪਾਰਦਰਸ਼ੀ ਅਤੇ ਸਾਜ਼ਗਾਰ ਮਾਹੌਲ ਪ੍ਰਦਾਨ ਕਰਨ ਦੇ ਮੰਤਵ ਨਾਲ ਬਣਾਏ ਗਏ ਪੰਜਾਬ ਰਾਜ ਵਾਪਰੀ ਕਮਿਸ਼ਨ ਦੀ ਹਲਕਾ ਧੂਰੀ ਇਕਾਈ ਵੱਲੋਂ ਅੱਜ ਸਦਰ ਬਾਜ਼ਾਰ ਧੂਰੀ ਵਿਖੇ ਵਪਾਰੀਆਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ। ਬੈਠਕ ਦੌਰਾਨ ਛੋਟੇ ਅਤੇ ਦਰਮਿਆਨੇ ਵਪਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਆਪਣੇ ਕਾਰੋਬਾਰ ਨਾਲ ਸਬੰਧਿਤ ਮੁੱਦੇ ਅਤੇ ਮੁਸ਼ਕਲਾਂ ਕਮਿਸ਼ਨ ਸਾਹਮਣੇ ਰੱਖੀਆਂ। ਇਸ ਮੌਕੇ ਪੰਜਾਬ ਰਾਜ ਵਾਪਰੀ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਵਪਾਰੀਆਂ ਵੱਲੋਂ ਉਠਾਏ ਗਏ ਹਰ ਜਾਇਜ਼ ਮੁੱਦੇ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਨੂੰ ਬਿਨਾਂ ਕਿਸੇ ਰੁਕਾਵਟ ਆਪਣੇ ਕਾਰੋਬਾਰ ਨੂੰ ਅੱਗੇ ਵਧਾਉਣ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਬੈਠਕ ਦੌਰਾਨ ਵਪਾਰੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਅਤੇ ਸੁਝਾਅ ਕਮਿਸ਼ਨ ਦੇ ਧਿਆਨ ਵਿੱਚ ਲਿਆਂਦੇ। ਚੇਅਰਮੈਨ ਨੇ ਭਰੋਸਾ ਦਿਵਾਇਆ ਕਿ ਸਾਰੇ ਸੁਝਾਵਾਂ ਨੂੰ ਸਕਾਰਾਤਮਕ ਤਰੀਕੇ ਨਾਲ ਵਿਚਾਰਿਆ ਜਾਵੇਗਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦਾ ਯੋਗ ਹੱਲ ਕੱਢਣ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਹਲਕਾ ਧੂਰੀ ਇਕਾਈ ਦੇ ਅਹੁਦੇਦਾਰ, ਵਪਾਰ ਮੰਡਲ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।