ਪਟਿਆਲਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦਿਆਂ ਅਜਿਹੀਆਂ ਯੋਜਨਾਵਾਂ ਨੂੰ ਸਫਲਤਾਪੂਰਵਕ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅੱਜ ਰਵਾਨਾ ਹੋਏ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਦੁਰਗਿਆਣਾ ਮੰਦਰ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਵਾਰਡ ਨੰਬਰ 3 ਦੇ ਐਮ.ਸੀ. ਜਤਿੰਦਰ ਐਸ ਕੇ ਅਤੇ ਚਰਨਜੀਤ ਐਸ ਕੇ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।