ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਖੇਤਰ ਵਿੱਚ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਲੋੜਵੰਦ ਤੱਕ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।