ਪਟਿਆਲਾ : ਪਟਿਆਲਾ ਵਿਖੇ ਚੜ੍ਹਦੀ ਕਲਾ ਰੈਲੀ ਨੂੰ ਸੰਬੋਧਨ ਕਰਦਿਆਂ ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਅੱਜ ਇਤਿਹਾਸ ਦੇ ਸਭ ਤੋਂ ਗੰਭੀਰ ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਸੰਕਟਾਂ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਕਿਸਾਨ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਕੇ ਖੁਸ਼ਹਾਲੀ ਦੇ ਮੇਲੇ ਮਨਾਉਂਦੇ ਸਨ, ਪਰ ਅੱਜ ਹਾਲਾਤ ਇਹ ਹਨ ਕਿ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਛੋਟੇ ਕਾਰੋਬਾਰੀ ਸਮੇਤ ਸਮੁੱਚਾ ਪੰਜਾਬ ਕਰਜ਼ੇ ਹੇਠ ਦੱਬਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤ੍ਰਾਸਦੀ ਨੂੰ "ਪਾਣੀ ਪਾਤਾਲੀ, ਜਵਾਨੀ ਜਹਾਜ਼ੀ ਅਤੇ ਕਮਾਈ ਵਿਆਜੀ" ਵਾਲੀ ਸਥਿਤੀ ਵਿੱਚ ਬਦਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਹੈ ਪੰਜਾਬ ਦੇ ਦਰਿਆਵਾਂ ਦਾ ਪਾਣੀ ਖੋਹ ਲਿਆ ਗਿਆ, ਧਰਤੀ ਹੇਠਲਾ ਪਾਣੀ ਲਗਾਤਾਰ ਡਿੱਗ ਰਿਹਾ ਹੈ ਅਤੇ ਰਹਿੰਦਾ ਪਾਣੀ ਵੀ ਪ੍ਰਦੂਸ਼ਿਤ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੂਜੇ ਪਾਸੇ ਪੰਜਾਬ ਦੀ ਜਵਾਨੀ ਰੁਜ਼ਗਾਰ ਅਤੇ ਭਵਿੱਖ ਦੀ ਭਾਲ ਵਿੱਚ ਵਿਦੇਸ਼ਾਂ ਵੱਲ ਰੁਖ ਕਰ ਰਹੀ ਹੈ
ਸਰਦਾਰ ਬਰਾੜ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਅਤੇ ਸਿਹਤ ਪ੍ਰਣਾਲੀ ਵੀ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੌਲੀ-ਹੌਲੀ ਨਿੱਜੀ ਹੱਥਾਂ ਨੂੰ ਸੋਂਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਇਸ ਹੱਦ ਤੱਕ ਕਮਜ਼ੋਰ ਹੋ ਚੁੱਕੀ ਹੈ ਕਿ ਸੂਬੇ ਦੀ ਆਮਦਨ ਦਾ ਵੱਡਾ ਹਿੱਸਾ ਕਰਜ਼ਿਆਂ ਦੇ ਵਿਆਜ, ਤਨਖਾਹਾਂ ਅਤੇ ਪੈਨਸ਼ਨਾਂ 'ਤੇ ਹੀ ਖਰਚ ਹੋ ਜਾਂਦਾ ਹੈ, ਜਿਸ ਕਾਰਨ ਵਿਕਾਸ ਅਤੇ ਨਵੀਆਂ ਰੁਜ਼ਗਾਰ ਸੰਭਾਵਨਾਵਾਂ ਲਈ ਲੋੜੀਂਦਾ ਨਿਵੇਸ਼ ਨਹੀਂ ਹੋ ਪਾ ਰਿਹਾ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਕੇਂਦਰਿਤ ਨੀਤੀਆਂ ਕਾਰਨ ਪੰਜਾਬ ਦੇ ਕੁਦਰਤੀ ਅਤੇ ਆਰਥਿਕ ਸਰੋਤਾਂ ਦੀ ਲਗਾਤਾਰ ਲੁੱਟ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਟੈਕਸ, ਬੈਂਕ ਜਮ੍ਹਾਂ ਰਾਸ਼ੀਆਂ ਅਤੇ ਹੋਰ ਸਰੋਤਾਂ ਤੋਂ ਬਣਦੀ ਪੂੰਜੀ ਦਾ ਵੱਡਾ ਹਿੱਸਾ ਸੂਬੇ ਤੋਂ ਬਾਹਰ ਚਲਾ ਜਾਂਦਾ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਕਮਜ਼ੋਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਉਦੇਸ਼ ਸਿਰਫ਼ ਰਾਜਨੀਤੀ ਨਹੀਂ, ਸਗੋਂ ਪੰਜਾਬ ਵਿੱਚ ਇੱਕ ਅਜਿਹੀ ਲੋਕ-ਅਧਾਰਿਤ ਲੀਡਰਸ਼ਿਪ ਤਿਆਰ ਕਰਨਾ ਹੈ ਜੋ ਪੰਜਾਬ ਦੇ ਪਾਣੀ, ਜਵਾਨੀ, ਆਰਥਿਕਤਾ ਅਤੇ ਸੱਭਿਆਚਾਰ ਦੀ ਰਾਖੀ ਲਈ ਸੰਘਰਸ਼ ਕਰੇ ਸ। ਉਨ੍ਹਾਂ ਸਾਰੇ ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ, ਮਹਿਲਾਵਾਂ ਅਤੇ ਪੰਜਾਬ ਹਿਤੈਸ਼ੀ ਵਰਗਾਂ ਨੂੰ ਇਸ ਮੁਹਿੰਮ ਨਾਲ ਜੁੜਨ ਦਾ ਸੱਦਾ ਦਿੱਤਾ। ਸਰਦਾਰ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਦੀ ਪੁਨਰ-ਸਿਰਜਣਾ ਦਾ ਰਾਹ ਕੇਵਲ ਜਾਗਰੂਕਤਾ, ਏਕਤਾ ਅਤੇ ਸੰਘਰਸ਼ ਰਾਹੀਂ ਹੀ ਨਿਕਲ ਸਕਦਾ ਹੈ ਅਤੇ ਮਿਸਲ ਸਤਲੁਜ ਇਸੇ ਦਿਸ਼ਾ ਵਿੱਚ ਯਤਨਸ਼ੀਲ ਹੈ। ਇਸ ਮੌਕੇ ਤੇ ਖਾਲਸਾ ਕਾਲਜ ਦੀ ਪ੍ਰਧਾਨ ਮਨਕੀਰਤ ਕੌਰ ਅੰਟਾਲ ਨੇ ਨੌਜਵਾਨਾਂ ਨੂੰ ਮਿਸਲ ਸਤਲੁਜ ਨਾਲ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਪੰਥ ਅਤੇ ਪੰਜਾਬ ਦੀ ਭਲਾਈ ਲਈ ਅੱਗੇ ਆਉਣ।