ਸਨੌਰ : ਰਾਜ ਕੁਮਾਰ ਰਾਣਾ ਆਪਣੇ ਸਾਥੀਆਂ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨਾਲ ਮਿਲੇ। ਇਸ ਮੌਕੇ ਉਨ੍ਹਾਂ ਨੇ ਪਲਾਟ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਪਲਾਟਾਂ ਦੀਆਂ ਰਜਿਸਟਰੀਆਂ ‘ਤੇ ਲੱਗੀਆਂ ਪਾਬੰਦੀਆਂ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ। ਰਾਜ ਕੁਮਾਰ ਰਾਣਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਕੁਝ ਕਲੋਨੀਆਂ ਵਿੱਚ ਪਲਾਟਾਂ ਦੀਆਂ ਅੱਗੇ ਰਜਿਸਟਰੀਆਂ ਕਰਨ ‘ਤੇ ਰੋਕ ਲਗਾਏ ਜਾਣ ਕਾਰਨ ਹਜ਼ਾਰਾਂ ਪਲਾਟ ਹੋਲਡਰ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੇ ਪੀ.ਡੀ.ਏ. ਤੋਂ ਐਨ.ਓ.ਸੀ. ਪ੍ਰਾਪਤ ਕਰਕੇ ਕਾਨੂੰਨੀ ਤੌਰ ‘ਤੇ ਪਲਾਟ ਖਰੀਦੇ ਸਨ ਅਤੇ ਕਈਆਂ ਨੇ ਆਪਣੇ ਘਰ ਵੀ ਬਣਾ ਲਏ ਹਨ। ਉਨ੍ਹਾਂ ਮੰਗ ਕੀਤੀ ਕਿ ਪਲਾਟ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਰਜਿਸਟਰੀਆਂ ਮੁੜ ਖੋਲ੍ਹੀਆਂ ਜਾਣ ਅਤੇ ਐਨ.ਓ.ਸੀ. ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਕਰਕੇ ਲੋਕਾਂ ਦੇ ਹਿੱਤ ਵਿੱਚ ਯੋਗ ਫ਼ੈਸਲਾ ਲਿਆ ਜਾਵੇਗਾ। ਇਸ ਮੌਕੇ ਰਾਜ ਕੁਮਾਰ ਰਾਣਾ ਨੇ ਆਸ ਜਤਾਈ ਕਿ ਸਰਕਾਰ ਜਲਦ ਹੀ ਇਸ ਮਸਲੇ ਦਾ ਹੱਲ ਕੱਢ ਕੇ ਪਲਾਟ ਹੋਲਡਰਾਂ ਨੂੰ ਰਾਹਤ ਪ੍ਰਦਾਨ ਕਰੇਗੀ।