ਖਨੌਰੀ : ਖਨੌਰੀ ਦੇ ਨਜ਼ਦੀਕੀ ਪਿੰਡ ਸ਼ਤਰਾਨਾ ਵਿਖੇ ਬਾਬਾ ਲੱਖ ਦਾਤਾ ਲਾਲਾ ਵਾਲੇ ਪੀਰ ਦੀ ਦਰਗਾਹ 'ਤੇ ਹਰ ਸਾਲ ਦੀ ਤਰ੍ਹਾਂ 30 ਜੇਠ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਦਰਗਾਹ 'ਤੇ ਨਤਮਸਤਕ ਹੋ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੇਲੇ ਦੌਰਾਨ ਧਾਰਮਿਕ ਸਮਾਗਮ, ਕਵਾਲੀਆਂ ਅਤੇ ਲੰਗਰਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿੱਥੇ ਸੰਗਤ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਪੂਰਾ ਇਲਾਕਾ ਭਗਤੀਮਈ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਇਸ ਮੌਕੇ ਥਾਣਾ ਖਨੌਰੀ ਦੇ ਐਡੀਸ਼ਨਲ ਐਸਐਚਓ ਸਬ ਇੰਸਪੈਕਟਰ ਚੰਨਾ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਦਰਗਾਹ 'ਤੇ ਮੱਥਾ ਟੇਕ ਕੇ ਇਲਾਕੇ ਦੀ ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਲਈ ਅਰਦਾਸ ਕੀਤੀ। ਬਾਬਾ ਲਾਲਾ ਵਾਲਾ ਪੀਰ ਦਰਗਾਹ ਪ੍ਰਬੰਧਕ ਕਮੇਟੀ ਵੱਲੋਂ ਚੰਨਾ ਸਿੰਘ ਨੂੰ ਸਿਰੋਪਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਹ ਜੋੜ ਮੇਲਾ ਇਲਾਕੇ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਦਾ ਪ੍ਰਤੀਕ ਹੈ, ਜਿਸ ਵਿੱਚ ਹਰ ਸਾਲ ਦੂਰ-ਦੂਰ ਤੋਂ ਸੰਗਤਾਂ ਪਹੁੰਚਦੀਆਂ ਹਨ। ਉਨ੍ਹਾਂ ਨੇ ਮੇਲੇ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ।