ਸਨੌਰ : ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਹਲਕਾ ਸਨੌਰ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਕੋਲ ਖੇਤਰ ਦੇ ਸਰਵਪੱਖੀ ਵਿਕਾਸ ਲਈ ਇੱਕ ਵਿਸਥਾਰਤ ਰੋਡ ਮੈਪ ਤਿਆਰ ਹੈ। ਉਨ੍ਹਾਂ ਕਿਹਾ ਕਿ ਸਨੌਰ ਹਲਕੇ ਦੇ ਕਈ ਇਲਾਕੇ ਹਰ ਸਾਲ ਹੜ੍ਹਾਂ ਦੀ ਮਾਰ ਸਹਿੰਦੇ ਹਨ, ਜਿਸ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਇਸ ਸਮੱਸਿਆ ਦੇ ਪੱਕੇ ਹੱਲ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਪਾਣੀ ਦੀ ਨਿਕਾਸੀ, ਬੰਨ੍ਹਾਂ ਦੀ ਮਜ਼ਬੂਤੀ ਅਤੇ ਹੋਰ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ। ਗੌਰਵ ਸੰਧੂ ਨੇ ਕਿਹਾ ਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਵੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੁਜ਼ਗਾਰ ਨਾਲ ਜੋੜਨ ਲਈ ਇੱਕ ਵਿਸ਼ੇਸ਼ ਚਾਰਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਹਲਕੇ ਦੇ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸੜਕਾਂ, ਸਿੱਖਿਆ, ਸਿਹਤ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਵਿਸਥਾਰਤ ਯੋਜਨਾਵਾਂ ਬਣਾਈਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਨੌਰ ਹਲਕੇ ਨੂੰ ਵਿਕਾਸ ਅਤੇ ਤਰੱਕੀ ਦੇ ਨਵੇਂ ਰਾਹ 'ਤੇ ਲੈ ਕੇ ਜਾਣਾ ਹੈ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੈ।