ਸ੍ਰੀ ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ, ਜਿਸ ਦੌਰਾਨ ਪੰਜਾਬ ਦੇ ਭਗਵੰਤ ਸਿੰਘ ਅਤੇ ਪੰਜਾਬ ਸਰਕਾਰ ਵੱਲੋਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲ ਸਬੰਧੀ ਦੋ ਮਹੱਤਵਪੂਰਨ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ। ਪਹਿਲੇ ਮਤੇ ਵਿੱਚ, ਸਿੰਘ ਸਾਹਿਬਾਨ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 'ਤੇ ਵਿਚਾਰ-ਵਟਾਂਦਰਾ ਕੀਤਾ, ਜਿਸਨੂੰ ਪੰਜਾਬ ਸਰਕਾਰ ਨੇ ਕੇਂਦਰੀ ਸਿੱਖ ਸੰਸਥਾਵਾਂ ਨਾਲ ਸਹਿਮਤੀ ਤੋਂ ਬਿਨਾਂ ਪਾਸ ਕੀਤਾ ਸੀ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸੱਦ ਕੇ ਕਾਨੂੰਨ ਵਿੱਚ ਸਿੱਖ ਭਾਵਨਾਵਾਂ ਅਨੁਸਾਰ ਸੋਧਾਂ ਕਰਨ ਲਈ 15 ਦਿਨਾਂ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਨ੍ਹਾਂ ਰਾਹੀਂ ਪੰਜਾਬ ਸਰਕਾਰ ਪਾਸ ਮਿਤੀ 11 ਮਈ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ ਲਿਖਤੀ ਰੂਪ ਵਿੱਚ ਇਤਰਾਜ਼ ਵੀ ਦਰਜ ਕਰਵਾਏ ਗਏ ਸਨ। ਪਰੰਤੂ ਸੂਬਾ ਸਰਕਾਰ ਨੇ ਅੜੀਅਲ ਅਤੇ ਹੈਂਕੜ ਭਰਿਆ ਰਵੱਈਆ ਅਖ਼ਤਿਆਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਭਾਵਨਾਵਾਂ ਨੂੰ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕੀਤਾ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਮੀਡੀਆ ਬਿਆਨਾਂ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦਿੱਤੀ, ਜਿਸ ਨਾਲ ਸਿੱਖ ਸੰਗਤਾਂ ਅੰਦਰ ਭਾਰੀ ਰੋਸ ਪੈਦਾ ਹੋਇਆ ਹੈ। ਦੂਜੇ ਮਤੇ ਵਿੱਚ ਫ਼ੈਸਲਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਮਿਤੀ 04 ਜਨਵਰੀ 2026 ਨੂੰ ਸ਼ਿਕਾਇਤ ਵਿੱਚ ਪੁੱਜੀ ਅਤਿ ਇਤਰਾਜ਼ਯੋਗ ਵੀਡੀਓ ਦਾ ਮਾਮਲਾ ਗੰਭੀਰਤਾ ਨਾਲ ਵਿਚਾਰਿਆ ਗਿਆ। ਇਸ ਸਬੰਧ ਵਿੱਚ ਜਦੋਂ ਮਿਤੀ 15 ਜਨਵਰੀ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੱਦਿਆ ਗਿਆ ਸੀ, ਉਸ ਸਮੇਂ ਸਿੰਘ ਸਾਹਿਬ ਜੀ ਵੱਲੋਂ ਉਸ ਨੂੰ ਵੀਡੀਓ ਬਾਰੇ ਪੁੱਛਿਆ ਗਿਆ, ਜਿਸ ’ਤੇ ਮੁੱਖ ਮੰਤਰੀ ਨੇ ਵੀਡੀਓ ਨੂੰ ਝੂਠੀ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨਾਲ ਬਣਾਈ ਕਿਹਾ। ਇਸ ’ਤੇ ਸਿੰਘ ਸਾਹਿਬ ਨੇ ਮੁੱਖ ਮੰਤਰੀ ਨੂੰ ਆਦੇਸ਼ ਕੀਤਾ ਕਿ ਉਹ ਵੀਡੀਓ ਦੀ ਜਾਂਚ ਲਈ ਕੋਈ ਦੋ ਫੋਰੈਂਸਿਕ ਲੈਬੋਰੇਟਰੀਆਂ ਸੁਝਾਉਣ ਅਤੇ ਇਸ ਸਬੰਧੀ ਮਿਤੀ 27 ਜਨਵਰੀ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਨੂੰ ਪੱਤਰ ਵੀ ਭੇਜਿਆ ਗਿਆ। ਲੇਕਿਨ ਮੁੱਖ ਮੰਤਰੀ ਜਾਂ ਇਸ ਦੇ ਦਫ਼ਤਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਨੂੰ ਆਪਣੇ ਪੱਧਰ ’ਤੇ ਦੋ ਫੋਰੈਂਸਿਕ ਲੈਬਾਂ ਜੋ ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਤੋਂ ਜਾਂਚ ਕਰਵਾਈ, ਜਿਨ੍ਹਾਂ ਦੀ ਰਿਪੋਰਟਾਂ (ਮਿਤੀ 27 ਮਈ 2026 ਅਤੇ 13 ਜੂਨ 2026) ਵਿੱਚ ਸਬੰਧਤ ਵੀਡੀਓ ਸਹੀ ਪਾਈ ਗਈ ਹੈ ਅਤੇ ਇਸ ਵਿੱਚ ਕੋਈ ਛੇੜਛਾੜ ਜਾਂ ਏ.ਆਈ. ਦੇ ਤੱਤ ਨਹੀਂ ਹਨ। ਇੱਕ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਸਤਿਕਾਰਤ ਹੁੰਦਾ ਹੈ, ਜਿਸ ਨੇ ਸੂਬੇ ਦੇ ਹਰ ਨਾਗਰਿਕ ਦੀ ਨੁਮਾਇੰਦਗੀ ਕਰਨੀ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਨੇ ਵੀਡੀਓ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆ ਕੇ ਝੂਠ ਬੋਲਿਆ ਹੈ, ਇਸ ਤੋਂ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਇਹ ਮੁੱਖ ਮੰਤਰੀ ਵਜੋਂ ਗੁਰੂ ਅਤੇ ਸਿੱਖ ਹਿਤੈਸ਼ੀ ਫ਼ੈਸਲੇ ਕਰ ਸਕੇ। ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਅੱਜ ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਕਰਾਰ ਦਿੰਦੀ ਹੈ। ਗੁਰੂ ਖ਼ਾਲਸਾ ਪੰਥ ਇਸ ਨੂੰ ਮੂੰਹ ਨਾ ਲਗਾਵੇ।
*****