ਸਨੌਰ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਰਕਾਰ ਨੂੰ ਸਿੱਧਾ ਜਨਤਾ ਦੇ ਬੂਹੇ ਤੱਕ ਲਿਜਾਣ ਅਤੇ ਪਿੰਡਾਂ ਦਾ ਮੁਹਾਂਦਰਾ ਬਦਲਣ ਦੇ ਮਕਸਦ ਨਾਲ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਇੱਕ ਬਹੁਤ ਹੀ ਸ਼ਲਾਘਾਯੋਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਸ. ਹਡਾਣਾ ਨੇ ਹਲਕੇ ਦੇ ਪਿੰਡਾਂ ਵਿੱਚ ਜਾ ਕੇ ‘ਸੱਥਾਂ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉਨ੍ਹਾਂ ਨੇ ਸਿੱਧਾ ਪਿੰਡ ਵਾਸੀਆਂ ਦੇ ਰੂ-ਬਰੂ ਹੋ ਕੇ ਜਿੱਥੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਝੜੀ ਲਗਾ ਦਿੱਤੀ, ਉੱਥੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਨਿਪਟਾਰਾ ਵੀ ਕੀਤਾ। ਇਸ ਇਤਿਹਾਸਕ ਮੁਹਿੰਮ ਦੀ ਸ਼ੁਰੂਆਤ ਅੱਜ ਵਿਸ਼ੇਸ਼ ਤੌਰ 'ਤੇ ਪਿੰਡ ਮਲਕਪੁਰ ਜੱਟਾਂ, ਪਿੰਡ ਰਾਠੀਆਂ ਅਤੇ ਪਿੰਡ ਗਨੌਰ ਤੋਂ ਕੀਤੀ ਗਈ। ਪਿੰਡਾਂ ਦੀਆਂ ਸੱਥਾਂ ਵਿੱਚ ਜੁੜੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਪਿਛਲੇ ਲੀਡਰ ਵੋਟਾਂ ਵੇਲੇ ਹੀ ਪਿੰਡਾਂ ਵਿੱਚ ਆਉਂਦੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੁਣ ਫੈਸਲੇ ਦਫ਼ਤਰਾਂ ਵਿੱਚ ਨਹੀਂ, ਬਲਕਿ ਪਿੰਡਾਂ ਦੀਆਂ ਸੱਥਾਂ ਵਿੱਚ ਲੋਕਾਂ ਦੀ ਸਲਾਹ ਨਾਲ ਹੁੰਦੇ ਹਨ। ਉਨ੍ਹਾਂ ਨੇ ਮੌਕੇ 'ਤੇ ਹੀ ਤਿੰਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਖੇਡ ਮੈਦਾਨਾਂ ਵਰਗੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਵੱਡੇ ਫੰਡ ਜਾਰੀ ਕੀਤੇ। ਸ. ਹਡਾਣਾ ਨੇ ਅੱਗੇ ਬੋਲਦਿਆਂ ਕਿਹਾ ਕਿ ਸਾਡੇ ਹਰਮਨ ਪਿਆਰੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਤਰੱਕੀ, ਨੌਜਵਾਨੀ ਨੂੰ ਰੁਜ਼ਗਾਰ ਦੇਣ ਅਤੇ ਆਮ ਲੋਕਾਂ ਨੂੰ ਸਹੂਲਤਾਂ ਪਹੁੰਚਾਉਣ ਲਈ ਕੋਈ ਕਸਰ ਨਹੀਂ ਛੱਡੀ ਹੈ। ਅੱਜ ਪੰਜਾਬ ਦਾ ਹਰ ਵਰਗ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਖੁਸ਼ ਹੈ। ਉਨ੍ਹਾਂ ਵਾਅਦਾ ਕੀਤਾ ਕਿ ਹਲਕਾ ਸਨੌਰ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਛੜਨ ਨਹੀਂ ਦਿੱਤਾ ਜਾਵੇਗਾ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਗਨੌਰ, ਮਲਕਪੁਰ ਜੱਟਾਂ ਅਤੇ ਰਾਠੀਆਂ ਵਿਖੇ ਪਹੁੰਚਣ 'ਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਆਗੂ ਖ਼ੁਦ ਸੱਥ ਵਿੱਚ ਬੈਠ ਕੇ ਉਨ੍ਹਾਂ ਦੇ ਮਸਲੇ ਹੱਲ ਕਰ ਰਿਹਾ ਹੈ।