ਪਟਿਆਲਾ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਐਸ ਐਸ ਟੀ ਨਗਰ ਤੋਂ ਇੱਕ ਬੱਸ ਅੰਮ੍ਰਿਤਸਰ ਲਈ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੋਜੂਦ ਸਨ। ਸਿਹਤ ਮੰਤਰੀ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਡਾ.ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸ਼ਰਧਾਲੂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਯਾਤਰੀਆਂ ਨੂੰ ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਘਾ ਬਾਰਡਰ ਸਮੇਤ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਕਾਰਜ ਕਰ ਰਹੀ ਹੈ। ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਮਾਜ ਦੇ ਆਮ ਅਤੇ ਲੋੜਵੰਦ ਵਰਗ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਮੌਕੇ ਇਲਾਕਾ ਨਿਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।