ਕੋਟਕਪੂਰਾ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਫਰੀਦਕੋਟ ਦੌਰੇ ਦੌਰਾਨ ਰੈੱਡ ਕਰਾਸ ਭਵਨ ਵਿਖੇ ਸਨ ਫਾਊਂਡੇਸ਼ਨ ਵੱਲੋਂ ਸਥਾਪਿਤ ਸਕਿੱਲ ਡਿਵੈਲਪਮੈਂਟ ਸੈਂਟਰ ਆਫ ਐਕਸੀਲੈਂਸ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦਾ ਹੁਨਰ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ ਅਤੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਇਹ ਸਕਿੱਲ ਡਿਵੈਲਪਮੈਂਟ ਸੈਂਟਰ ਨੌਜਵਾਨਾਂ ਲਈ ਵਰਦਾਨ ਸਾਬਤ ਹੋਵੇਗਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਕਿੱਤਾਮੁਖੀ ਕੋਰਸਾਂ ਦੀ ਸਿਖਲਾਈ ਮੁਫ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੰਨਾ ਨੋਜਵਾਨਾਂ ਨੂੰ ਸਰਕਾਰੀ ਨੌਕਰੀ ਨਹੀਂ ਮਿਲਦੀ, ਉਨ੍ਹਾਂ ਲਈ ਇਹ ਸਕਿੱਲ ਸੈਂਟਰ ਵਰਦਾਨ ਸਾਬਤ ਹੋਵੇਗਾ, ਕਿਉਂਕਿ ਇਸ ਤੋਂ ਵੱਖ ਵੱਖ ਤਰ੍ਹਾਂ ਦੇ ਸਕਿੱਲ ਦੀ ਟਰੇਨਿੰਗ ਲੈ ਕੇ ਨੌਜਵਾਨ ਆਪਣਾ ਰੁਜ਼ਗਾਰ ਖੁਦ ਸ਼ੁਰੂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜਗਾਰੀ ਨੂੰ ਘਟਾਉਣ ਅਤੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਸ ਤਰ੍ਹਾਂ ਦੇ ਸਕਿੱਲ ਸੈਂਟਰ ਮਦਦਗਾਰ ਸਾਬਤ ਹੋਣਗੇ। ਪੱਤਰਕਾਰਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਵਰਨਰ ਸ੍ਰੀ ਕਟਾਰੀਆ ਨੇ ਦੱਸਿਆ ਕਿ ਨਸ਼ਿਆਂ ਨੂੰ ਲੈ ਕੇ ਸਰਕਾਰ ਵੱਲੋਂ ਕਾਨੂੰਨ ਨੂੰ ਸਖਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨਾਲੋਂ ਬਹੁਤ ਹੱਦ ਤੱਕ ਨਸ਼ੇ ਤੇ ਰੋਕਥਾਮ ਪਾਈ ਗਈ ਹੈ। ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਸਨ ਫਾਊਂਡੇਸ਼ਨ ਵੱਲੋਂ ਪੰਜਾਬ ਵਿੱਚ ਸਥਾਪਿਤ ਕੀਤਾ ਗਿਆ ਇਹ ਪੰਜਵਾਂ ਸਕਿੱਲ ਡਿਵੈਲਪਮੈਂਟ ਸੈਂਟਰ ਹੈ, ਜੋ ਹਰ ਸਾਲ ਲਗਭਗ 1,000 ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਅਤੇ ਰੁਜ਼ਗਾਰ ਸਹਾਇਤਾ ਪ੍ਰਦਾਨ ਕਰੇਗਾ। ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਪਹਿਲੀ ਵਾਰ ਆਉਣ ਤੇ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ।