ਬਰਨਾਲਾ : ਨੇੜਲੇ ਪਿੰਡ ਕੁਰੜ ਵਿਖੇ ਨਵੇਂ ਬਣਾਏ ਗਏ ਰਜਵਾਹੇ ਦੇ ਮੋਘੇ ਤੋਂ ਖੇਤਾਂ ਲਈ ਲੋੜੀਂਦਾ ਪਾਣੀ ਨਾ ਮਿਲਣ ਕਾਰਨ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਗੁੱਸੇ ’ਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਤੇ ਨਹਿਰੀ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਤੁਰੰਤ ਹੱਲ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਬਲਜਿੰਦਰ ਸਿੰਘ, ਕਰਨੈਲ ਸਿੰਘ, ਹਰਚੰਦ ਸਿੰਘ ਧਾਲੀਵਾਲ, ਮੋਹਣ ਸਿੰਘ, ਨਛੱਤਰ ਸਿੰਘ, ਨੰਬਰਦਾਰ ਅਮਰਜੀਤ ਸਿੰਘ, ਸੁਖਪ੍ਰੀਤ ਸਿੰਘ, ਗੁਰਦਿਆਲ ਸਿੰਘ, ਕੁਲਦੀਪ ਸਿੰਘ, ਲਾਭ ਸਿੰਘ, ਗੁਰਬਖ਼ਸ਼ ਸਿੰਘ, ਹਾਕਮ ਸਿੰਘ, ਮੇਘ ਸਿੰਘ, ਹਰਦੇਵ ਸਿੰਘ ਜਵੰਧਾ, ਲਖਵੀਰ ਸਿੰਘ, ਪਿਰਥੀ ਸਿੰਘ, ਲੱਖਾ ਸਿੰਘ, ਮੇਜਰ ਸਿੰਘ, ਮੁਕੰਦ ਸਿੰਘ, ਜਗਧਰਨ ਸਿੰਘ ਤੇ ਗੁਰਪਿਆਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਾਲ ਹੀ ’ਚ ਨਵਾਂ ਰਜਵਾਹਾ ਤਿਆਰ ਕੀਤਾ ਗਿਆ ਸੀ। ਪਰ ਇਸ ’ਚੋਂ ਨਿਕਲਦੇ ਮੋਘੇ ਦੀ ਬਣਤਰ ਅਜਿਹੀ ਹੈ ਕਿ ਪਾਣੀ ਲੋੜ ਅਨੁਸਾਰ ਨਹੀਂ ਆ ਰਿਹਾ। ਇਸ ਦੌਰਾਨ ਕਿਸਾਨਾਂ ਦਾ ਪੱਖ ਸੁਣਨ ਲਈ ਮੌਕੇ ’ਤੇ ਪੁੱਜੇ ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਟੇਲਾਂ ਤਕ ਪਾਣੀ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਮੋਘਾ ਨੰਬਰ 13,880 ਦੀ ਬਣਤਰ ਹੀ ਨੁਕਸਦਾਰ ਹੈ। ਜਿਸ ਕਾਰਨ ਸਾਢੇ 400 ਏਕੜ ਰਕਬੇ ਨੂੰ ਲੋੜੀਂਦਾ ਪਾਣੀ ਨਹੀਂ ਮਿਲ ਰਿਹਾ ਤੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਜਲਦ ਹੀ ਸਬੰਧਿਤ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਜਾਵੇਗਾ। ਜੇਕਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਕਿਸਾਨਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਤੇ ਨਹਿਰੀ ਵਿਭਾਗ ਦੀ ਹੋਵੇਗੀ।