ਚੰਡੀਗੜ੍ਹ : ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ ਵਾਇਰਲ ਕਰਨ ਵਿੱਚ ਸ਼ਾਮਲ ਹਰ ਵਿਅਕਤੀ ਦੀ ਪਛਾਣ ਕੀਤੀ ਜਾਵੇ, ਚਾਹੇ ਉਹ ਦੁਨੀਆ ਵਿੱਚ ਕਿਤੇ ਵੀ ਲੁਕੇ ਹੋਣ, ਉਨ੍ਹਾਂ ਨੂੰ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ, ਸੰਗਤ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਆਪਣੀ ਉਮਰ ਭਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਘਟ ਰਹੀ ਸਿਆਸੀ ਹੋਂਦ ਨੂੰ ਬਚਾਉਣ ਲਈ ਧਰਮ ਨੂੰ ਢਾਲ ਵਜੋਂ ਵਰਤਣ ਵਾਲਿਆਂ ਦੀਆਂ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ਾਂ ਦਾ ਸ਼ਿਕਾਰ ਨਾ ਹੋਣ। ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਦੋਂ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਦੀ ਗੱਲ ਆਈ ਤਾਂ ਸੰਸਦ ਦੇ ਇਤਿਹਾਸ ਵਿੱਚ ਉਨ੍ਹਾਂ ਨੂੰ ਕਦੇ ਵੀ ਸ਼ਰਧਾਂਜਲੀ ਨਹੀਂ ਸੀ ਦਿੱਤੀ ਗਈ। ਗੁਰੂ ਸਾਹਿਬ ਨੇ ਮੈਨੂੰ ਉਹ ਸੇਵਾ ਬਖਸ਼ੀ ਅਤੇ ਸੰਸਦ ਵਿੱਚ ਪਹਿਲੀ ਵਾਰ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮੌਨ ਰੱਖਿਆ ਗਿਆ, ਉਨ੍ਹਾਂ ਦੀ ਕੁਰਬਾਨੀ ਬਾਰੇ ਚਰਚਾ ਹੋਈ ਅਤੇ ਉਨ੍ਹਾਂ ਦੀ ਸ਼ਹੀਦੀ ਦਾ ਸਤਿਕਾਰ ਕੀਤਾ ਗਿਆ।" ਮੁੱਖ ਮੰਤਰੀ ਨੇ ਕਿਹਾ, "ਹੁਣ, ਮੁੱਖ ਮੰਤਰੀ ਵਜੋਂ ਮੇਰੇ ਸਾਹਮਣੇ ਪਾਲਕੀ ਸਾਹਿਬ ਲੈ ਕੇ ਜਾਣ ਵਾਲੇ ਵਾਹਨਾਂ ਦਾ ਮਾਮਲਾ ਆਇਆ ਸੀ। ਇਨ੍ਹਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਨਹੀਂ ਸੀ। ਅਸੀਂ ਪੂਰੇ ਪੰਜਾਬ ਵਿੱਚ ਪਾਲਕੀ ਸਾਹਿਬ ਦੇ ਸਾਰੇ ਵਾਹਨਾਂ ਦਾ ਟੈਕਸ ਮੁਆਫ਼ ਕਰ ਦਿੱਤਾ ਹੈ।" ਉਨ੍ਹਾਂ ਅੱਗੇ ਕਿਹਾ, "ਅਸੀਂ ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਪਵਿੱਤਰ ਗ੍ਰੰਥਾਂ ਨੂੰ ਲੈ ਕੇ ਜਾਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਵਾਹਨਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਹੈ। ਇਨ੍ਹਾਂ ਵਾਹਨਾਂ ਨੂੰ ਛੋਟ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੇ ਜਾਣ ਵਾਲੇ ਨਗਰ ਕੀਰਤਨਾਂ ਨੂੰ ਧਿਆਨ ਵਿੱਚ ਰੱਖਦਿਆਂ ਦਿੱਤੀ ਗਈ ਹੈ, ਜੋ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਹੁਲਾਰਾ ਦੇਣ ਲਈ ਪ੍ਰੇਰਕ ਵਜੋਂ ਕੰਮ ਕਰਦੇ ਹਨ।" ਉਨ੍ਹਾਂ ਅੱਗੇ ਕਿਹਾ, "ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਅਸੀਂ ਬਿਹਤਰੀਨ ਪ੍ਰਬੰਧ ਕੀਤੇ ਅਤੇ ਲੋਕਾਂ ਨੇ ਉਨ੍ਹਾਂ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਤਿਹਾਸ ਵਿੱਚ ਪਹਿਲੀ ਵਾਰ ਅਸੀਂ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਵਿਧਾਨ ਸਭਾ ਇਜਲਾਸ ਬੁਲਾ ਕੇ ਪੰਜਾਬ ਵਿਧਾਨ ਸਭਾ ਨੂੰ ਗੁਰੂ ਚਰਨਾਂ ਵਿੱਚ ਸਮਰਪਿਤ ਕੀਤਾ।” ਮੁੱਖ ਮੰਤਰੀ ਨੇ ਦੱਸਿਆ, "ਅਸੀਂ ਤਖ਼ਤ ਸ਼੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਨਾਲ ਸਬੰਧਤ ਸ਼ਹਿਰਾਂ ਅੰਮ੍ਰਿਤਸਰ, ਸ਼੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਹੈ। ਮੈਂ ਜਿੱਥੇ ਵੀ ਜਾਂਦਾ ਹਾਂ, ਚਾਹੇ ਉਹ ਕੋਈ ਜਨਤਕ ਇਕੱਠ ਹੋਵੇ, ਰੈਲੀ ਹੋਵੇ ਜਾਂ ਲੋਕ ਮਿਲਣੀ, ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੁੰਦੇ ਹਨ।" ਪੰਜਾਬ ਦੇ ਲੋਕਾਂ ਲਈ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਨੌਕਰੀਆਂ ਦਿੱਤੀਆਂ ਹਨ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ ਅਤੇ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਜਿਸ ਸਮੇਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਹੁਣ ਇਹ ਵੱਧ ਕੇ 80 ਫੀਸਦੀ ਤੋਂ ਵੱਧ ਹੋ ਗਈ ਹੈ ਕਿਉਂਕਿ ਪਾਣੀ ਟੇਲਾਂ ਤੱਕ ਪਹੁੰਚ ਰਿਹਾ ਹੈ।" ਉਨ੍ਹਾਂ ਅੱਗੇ ਕਿਹਾ, "ਲਗਪਗ 70 ਸਾਲਾਂ ਬਾਅਦ ਨਹਿਰੀ ਪਾਣੀ ਇੱਕ ਵਾਰ ਫਿਰ ਲੋਕਾਂ ਦੇ ਖੇਤਾਂ ਤੱਕ ਪਹੁੰਚ ਰਿਹਾ ਹੈ। ਕਿਸਾਨ ਉਸ ਪਾਣੀ ਨੂੰ ਆਪਣੇ ਖੇਤਾਂ ਵੱਲ ਮੋੜਨ ਤੋਂ ਪਹਿਲਾਂ ਅਰਦਾਸ ਕਰ ਰਹੇ ਹਨ। ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਹੈ ਜਾਂ ਨਹੀਂ, ਇਹ ਇੱਕ ਵੱਖਰਾ ਮਾਮਲਾ ਹੈ। ਜਦੋਂ ਮੈਂ ਵੀਡੀਓ ਵਿੱਚ ਮੌਜੂਦ ਹੀ ਨਹੀਂ ਹਾਂ ਤਾਂ ਇਹ ਗੱਲ ਆਪਣੇ ਆਪ ਹੀ ਖ਼ਤਮ ਹੋ ਜਾਂਦੀ ਹੈ।" ਮੁੱਖ ਮੰਤਰੀ ਨੇ ਕਿਹਾ, "ਇਨ੍ਹਾਂ ਦੋਵਾਂ ਰਿਪੋਰਟਾਂ ਦੇ ਆਧਾਰ 'ਤੇ ਮੈਂ ਡੀ.ਜੀ.ਪੀ. ਪੰਜਾਬ ਨੂੰ ਹਦਾਇਤ ਕੀਤੀ ਹੈ ਕਿ ਜਿਸ ਨੇ ਵੀ ਇਹ ਹਰਕਤ ਕੀਤੀ ਹੈ, ਜਿਸ ਨੇ ਵੀ ਇਸ ਵੀਡੀਓ ਦੀ ਸ਼ੂਟਿੰਗ ਦਾ ਪ੍ਰਬੰਧ ਕੀਤਾ ਹੈ, ਜਿਸ ਨੇ ਇਸ ਲਈ ਫੰਡ ਦਿੱਤਾ ਹੈ, ਜਿਸ ਕਮਰੇ ਵਿੱਚ ਇਹ ਸ਼ੂਟ ਕੀਤਾ ਗਿਆ ਸੀ ਅਤੇ ਦੁਨੀਆ ਵਿੱਚ ਜਿੱਥੇ ਵੀ ਇਹ ਤਿਆਰ ਕੀਤਾ ਗਿਆ ਸੀ, ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰ ਕੇ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ।" ਉਨ੍ਹਾਂ ਕਿਹਾ, "ਹੁਣ ਨਾਨਕ ਨਾਮ ਲੇਵਾ ਸੰਗਤ ਫੈਸਲਾ ਕਰੇਗੀ। ਮੈਂ ਹਮੇਸ਼ਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਮੈਂ ਸੰਗਤ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਬਾਰੇ ਸੋਚ ਵੀ ਨਹੀਂ ਸਕਦਾ।" "ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਹਿ।”