ਪਟਿਆਲਾ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਕਲੀਨ ਪੰਜਾਬ' ਤਹਿਤ ਪਟਿਆਲਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਪਿਛਲੇ ਦਿਨੀਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਕਾਰਜ ਤੇਜ਼ੀ ਨਾਲ ਜਾਰੀ ਹਨ। ਇਸੇ ਕੜੀ ਦੇ ਤਹਿਤ ਨਗਰ ਨਿਗਮ ਪਟਿਆਲਾ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵੱਲੋਂ ਸਫਾਈ ਮੁਹਿੰਮ ਦਾ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਵਿਖੇ ਜਾ ਕੇ ਮੌਕੇ 'ਤੇ ਪਹੁੰਚ ਕੇ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਹੋਰ ਵੱਧ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸ਼ਹਿਰ ਵਿੱਚ ਚੱਲ ਰਹੀ ਇਹ ਸਫਾਈ ਮੁਹਿੰਮ ਨਾ ਸਿਰਫ਼ ਸਫਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰ ਰਹੀ ਹੈ, ਸਗੋਂ ਸਾਫ਼-ਸੁਥਰੇ ਅਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਵੀ ਸਾਕਾਰ ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋ ਰਹੀ ਹੈ।