ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਤਿੰਨ ਰੋਜ਼ਾ 53ਵੀਂ ਆਲ ਇੰਡੀਆ ਦ੍ਰਾਵਿੜੀਅਨ ਭਾਸ਼ਾ ਵਿਗਿਆਨੀ ਕਾਨਫ਼ਰੰਸ ਆਰੰਭ ਹੋ ਗਈ ਹੈ। ਯੂਨੀਵਰਸਿਟੀ ਦੇ ਪੰਜਾਬੀ ਵਿਭਾਗ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪਟਿਆਲਾ ਲਿੰਗੁਇਸਟਿਕਸ ਐਸੋਸੀਏਸ਼ਨ, ਦ੍ਰਾਵਿੜ ਲਿੰਗੁਇਸਟਿਕਸ ਐਸੋਸੀਏਸ਼ਨ ਅਤੇ ਇੰਟਰਨੈਸ਼ਨਲ ਸਕੂਲ ਆਫ਼ ਦ੍ਰਾਵਿੜ ਲਿੰਗੁਇਸਟਿਕਸ ਵੱਲੋਂ ਸੀ. ਆਈ. ਆਈ. ਐੱਲ. ਮੈਸੂਰ ਅਤੇ ਆਈ.ਸੀ.ਐੱਸ.ਐੱਸ.ਆਰ., ਨਵੀਂ ਦਿੱਲੀ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਇਸ ਰਾਸ਼ਟਰੀ ਪੱਧਰ ਦੀ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਭਾਸ਼ਾ ਦੀ ਮਹੱਤਤਾ ਨੂੰ ਬਹੁਤ ਹੀ ਗੰਭੀਰਤਾ ਨਾਲ ਉਭਾਰਿਆ। ਉਨ੍ਹਾਂ ਕਿਹਾ ਕਿ ਭਾਸ਼ਾ ਸਿਰਫ਼ ਆਪਸੀ ਸੰਚਾਰ ਜਾਂ ਰਾਬਤਾ ਕਾਇਮ ਕਰਨ ਦਾ ਸਾਧਨ ਨਹੀਂ ਹੈ, ਬਲਕਿ ਇਹ ਕਿਸੇ ਵੀ ਸਮਾਜ ਦੀ ਸੰਸਕ੍ਰਿਤੀ, ਅਮੀਰ ਵਿਰਾਸਤ ਅਤੇ ਉਸਦੀ ਹੋਂਦ ਦੀ ਪਛਾਣ ਦਾ ਪ੍ਰਤੀਕ ਹੁੰਦੀ ਹੈ। ਅਜਿਹੀਆਂ ਕਾਨਫ਼ਰੰਸਾਂ ਉੱਤਰ ਅਤੇ ਦੱਖਣ ਦੀਆਂ ਭਾਸ਼ਾਵਾਂ ਦੇ ਆਪਸੀ ਸਬੰਧਾਂ ਨੂੰ ਸਮਝਣ ਅਤੇ ਅਕਾਦਮਿਕ ਖੋਜ ਦੇ ਨਵੇਂ ਦਿਸਹੱਦੇ ਕਾਇਮ ਕਰਨ ਵਿੱਚ ਮੀਲ ਪੱਥਰ ਸਾਬਤ ਹੁੰਦੀਆਂ ਹਨ। ਉਨ੍ਹਾਂ ਨਵੀਂ ਸਿੱਖਿਆ ਨੀਤੀ 2020 ਦੇ ਬਹੁ-ਭਾਸ਼ਾਈ ਸੱਭਿਆਚਾਰ ਦੀ ਸ਼ਲਾਘਾ ਕੀਤੀ, ਪਰ ਨਾਲ ਹੀ ਚਿਤਾਵਨੀ ਦਿੱਤੀ ਕਿ ਮੌਜੂਦਾ ਏ.ਆਈ. ਮਾਡਲਾਂ ਵਿੱਚ ਘੱਟ ਗਿਣਤੀ ਅਤੇ ਮੂਲ ਭਾਸ਼ਾਵਾਂ ਦੀ ਬਿਹਤਰ ਨੁਮਾਇੰਦਗੀ ਹੋਣੀ ਅਜੇ ਬਾਕੀ ਹੈ। ਅੰਤ ਵਿੱਚ, ਪੰਜਾਬੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਵੱਲੋਂ ਧੰਨਵਾਦੀ ਭਾਸ਼ਣ ਦਿੱਤਾ ਗਿਆ। ਇਸ ਸੈਸ਼ਨ ਦਾ ਸੰਚਾਲਨ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਵੱਲੋਂ ਕੀਤਾ ਗਿਆ।