ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨੀਟ-ਯੂਜੀ 2026 ਪ੍ਰੀਖਿਆ ਦੇ ਸੰਚਾਲਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰੀਖਿਆ ਦੇ ਨਿਰਪੱਖ, ਪਾਰਦਰਸ਼ੀ, ਸੁਰੱਖਿਅਤ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸੀਨੀਅਰ ਪ੍ਰਸ਼ਾਸਨਿਕ, ਪੁਲਿਸ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀਖਿਆ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਨੂੰ ਕਾਇਮ ਰੱਖਣ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪ੍ਰੀਖਿਆ ਕੇਂਦਰਾਂ 'ਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਜੂਨ, 2026 ਨੂੰ ਹੋਣ ਵਾਲੀ ਨੀਟ-ਯੂਜੀ 2026 ਪ੍ਰੀਖਿਆ ਲਈ ਜ਼ਿਲ੍ਹੇ ਵਿੱਚ ਅੱਠ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸਕੂਲ ਆਫ਼ ਐਮੀਨੈਂਸ ਫੇਜ਼-11, ਮੋਹਾਲੀ; ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਮੋਹਾਲੀ; ਸਕੂਲ ਆਫ਼ ਐਮੀਨੈਂਸ, ਖਰੜ; ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਹੌੜਾਂ; ਪੀ ਐਮ ਸ਼੍ਰੀ ਸਰਕਾਰੀ ਹਾਈ ਸਕੂਲ, ਦਾਊਂਮਾਜਰਾ; ਕੇਂਦਰੀ ਵਿਦਿਆਲਿਆ, ਸੈਕਟਰ-80, ਮੋਹਾਲੀ; ਕੇਂਦਰੀ ਵਿਦਿਆਲਿਆ, ਕੇ-ਏਰੀਆ, ਜ਼ੀਰਕਪੁਰ ਅਤੇ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ, ਰਕੋਲੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀਆਂ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਆਪਣੇ-ਆਪਣੇ ਪ੍ਰੀਖਿਆ ਕੇਂਦਰਾਂ 'ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸੁਰੱਖਿਆ ਜਾਂਚ, ਦਸਤਾਵੇਜ਼ਾਂ ਦੀ ਤਸਦੀਕ ਅਤੇ ਹੋਰ ਪ੍ਰੀਖਿਆ-ਪੂਰਵ ਰਸਮਾਂ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਤੋਂ ਪਹਿਲਾਂ ਪ੍ਰੀਖਿਆ ਕੇਂਦਰਾਂ 'ਤੇ ਪਹੁੰਚਣ ਅਤੇ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਸ੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਸ਼ਨ ਪੱਤਰਾਂ ਨੂੰ ਪ੍ਰਸ਼ਨ ਪੱਤਰ ਬੈਂਕ ਤੋਂ ਪ੍ਰੀਖਿਆ ਕੇਂਦਰਾਂ ਤੱਕ ਸਖ਼ਤ ਪੁਲਿਸ ਸੁਰੱਖਿਆ ਅਤੇ ਨਿਗਰਾਨੀ ਹੇਠ ਪਹੁੰਚਾਇਆ ਜਾਵੇਗਾ। ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਜਨਰਲ ਮੈਨੇਜਰ, ਪੰਜਾਬ ਰੋਡਵੇਜ਼, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡਾਇਰੈਕਟਰ, ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ.ਟੀ.ਯੂ.) ਨੂੰ ਲੋੜੀਂਦੀਆਂ ਬੱਸਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ, ਤਾਂ ਜੋ ਜਨਤਕ ਆਵਾਜਾਈ ਰਾਹੀਂ ਪ੍ਰੀਖਿਆ ਕੇਂਦਰਾਂ 'ਤੇ ਜਾਣ ਵਾਲੇ ਵਿਦਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਪੱਖ, ਪਾਰਦਰਸ਼ੀ ਅਤੇ ਸੁਰੱਖਿਅਤ ਢੰਗ ਨਾਲ ਪ੍ਰੀਖਿਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।