ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਕਥਿਤ ਜਾਅਲੀ ਵੀਡੀਓ ਬਣਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਤ੍ਰਿਵੇਣੀ ਚੌਕ ਸਥਿਤ ਜ਼ਿਲ੍ਹਾ ਭਾਜਪਾ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਅਤੇ ਅਕਾਲੀ ਦਲ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਦੀ ਅਗਵਾਈ ਹੇਠ ਕੀਤਾ ਗਿਆ। ਪਾਰਟੀ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾਈਆਂ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਥਿਤ ਜਾਅਲੀ ਵੀਡੀਓ ਦਾ ਮਾਮਲਾ ਵੀ ਇਸੇ ਸਾਜ਼ਿਸ਼ ਦਾ ਹਿੱਸਾ ਹੈ, ਜਿਸ ਦਾ ਮਕਸਦ ਪੰਜਾਬ ਦੀ ਚੁਣੀ ਹੋਈ ਸਰਕਾਰ ਅਤੇ ਮੁੱਖ ਮੰਤਰੀ ਦੀ ਅਕਸ ਨੂੰ ਢਾਹ ਲਗਾਉਣਾ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਅਕਾਲੀ ਦਲ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਆਪਣੇ ਆਗੂ ਨਾਲ ਡਟ ਕੇ ਖੜ੍ਹਾ ਹੈ ਅਤੇ ਪੰਜਾਬ ਦੇ ਲੋਕ ਅਜਿਹੀਆਂ ਸਾਜ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ। ਆਗੂਆਂ ਨੇ ਕਿਹਾ ਕਿ ਸੱਚਾਈ ਸਾਹਮਣੇ ਆਉਣ ਨਾਲ ਵਿਰੋਧੀ ਧਿਰਾਂ ਦੀ ਨਕਾਰਾਤਮਕ ਰਾਜਨੀਤੀ ਦਾ ਪਰਦਾਫਾਸ਼ ਹੋ ਗਿਆ ਹੈ।