ਅੰਮ੍ਰਿਤਸਰ : ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ‘ਆਪ’ ਵਰਕਰਾਂ ਨੇ ਭਾਜਪਾ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਪਾਰਟੀ ਪੰਜਾਬ ਵਿੱਚ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰਦਰਸ਼ਨ ਦੌਰਾਨ ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਭਾਜਪਾ ਨਫ਼ਰਤ ਦੀ ਰਾਜਨੀਤੀ ਰਾਹੀਂ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ, ਵਲੰਟੀਅਰ ਅਤੇ ਵਰਕਰ ਇੱਕ ਅੰਦੋਲਨ ਵਿਚੋਂ ਨਿਕਲੇ ਹਨ ਅਤੇ ਉਨ੍ਹਾਂ ਨੂੰ ਨਾ ਕਿਸੇ ਦਬਾਅ ਅਤੇ ਨਾ ਹੀ ਕਿਸੇ ਲਾਲਚ ਰਾਹੀਂ ਤੋੜਿਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਧਰਮ ਦੇ ਨਾਮ ‘ਤੇ ਰਾਜਨੀਤੀ ਕਰਕੇ ਪੰਜਾਬ ਦੀ ਏਕਤਾ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਵੱਖ-ਵੱਖ ਸੂਬਿਆਂ ਵਿੱਚ ਧਾਰਮਿਕ ਧ੍ਰੁਵੀਕਰਨ ਦੀ ਰਾਜਨੀਤੀ ਕਰਦੀ ਆ ਰਹੀ ਹੈ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਰਣਨੀਤੀ ਅਪਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਨਹੀਂ ਸਗੋਂ ਪਿਆਰ ਅਤੇ ਭਾਈਚਾਰਾ ਹੀ ਕਾਇਮ ਰਹਿ ਸਕਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਭਾਈਚਾਰੇ ਦਾ ਮਾਹੌਲ ਬਣਾਈ ਰੱਖਣ ਲਈ ਉਹ ਹਰ ਪੱਧਰ ‘ਤੇ ਅਜਿਹੀਆਂ ਸਿਆਸੀ ਕੋਸ਼ਿਸ਼ਾਂ ਦਾ ਵਿਰੋਧ ਕਰਦੇ ਰਹਿਣਗੇ ਜੋ ਸਮਾਜ ਵਿੱਚ ਵੰਡ ਪੈਦਾ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।