ਮੌਹਾਲੀ : ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਉਤਰਾਖੰਡ ਦੇ ਨਗਰਾਸੂ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਲੰਗਰ ਦਮਦਮਾ ਸਾਹਿਬ ਵਿਖੇ ਬਣੇ ਤਣਾਅਪੂਰਨ ਹਾਲਾਤਾਂ 'ਤੇ ਭਾਰੀ ਚਿੰਤਾ ਪ੍ਰਗਟ ਕਰਦਿਆਂ ਉਤਰਾਖੰਡ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਾ ਕੋਈ ਵੀ ਯਤਨ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ। ਸਰਦਾਰ ਬਰਾੜ ਨੇ ਕਿਹਾ ਕਿ ਸੋਸ਼ਲ ਮੀਡੀਆ ਅਤੇ ਹੋਰ ਸਰੋਤਾਂ ਤੋਂ ਮਿਲ ਰਹੀਆਂ ਸੂਚਨਾਵਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਨਾ ਸਿਰਫ਼ ਚਿੰਤਾਜਨਕ ਹਨ ਸਗੋਂ ਇਹ ਸਿੱਖ ਸੰਗਤਾਂ ਦੇ ਮਨਾਂ ਵਿੱਚ ਬੇਚੈਨੀ ਅਤੇ ਸ਼ੰਕਾ ਵੀ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਉਤਰਾਖੰਡ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ, ਏ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਮੂਹ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਥਿਤੀ 'ਤੇ ਨਜ਼ਰ ਬਣਾਈ ਰੱਖਣ, ਆਪਸੀ ਏਕਤਾ ਕਾਇਮ ਰੱਖਣ ਅਤੇ ਗੁਰੂ ਸਾਹਿਬ ਦੀ ਬਖ਼ਸ਼ੀ ਚੜ੍ਹਦੀ ਕਲਾ ਦੇ ਸਿਧਾਂਤ ਅਨੁਸਾਰ ਸ਼ਾਂਤਮਈ ਪਰ ਦ੍ਰਿੜ੍ਹਤਾ ਨਾਲ ਆਪਣੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਲਈ ਤਿਆਰ ਰਹਿਣ।