ਸਮਾਣਾ : ਸ਼ਹੀਦ ਬਾਬਾ ਦੀਪ ਸਿੰਘ ਦਲ, ਪੰਜਾਬ ਵੱਲੋਂ ਗੁਰਦੁਆਰਾ ਟਰੱਕ ਯੂਨੀਅਨ, ਘੱਗਾ ਰੋਡ, ਸਮਾਣਾ ਵਿਖੇ 8ਵਾਂ ਗੱਤਕਾ ਦਿਵਸ ਸਮਾਗਮ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ ਗੱਤਕਾ ਸਿਖਿਆਰਥੀਆਂ ਵੱਲੋਂ ਗੱਤਕੇ ਦੇ ਜੌਹਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਮੂਹ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀਆਂ ਨੂੰ 8ਵੇਂ ਗੱਤਕਾ ਦਿਵਸ ਸਮਾਗਮ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਗੱਤਕੇ ਦੇ ਇਤਿਹਾਸ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਆਤਮ ਰੱਖਿਆਂ ਅਤੇ ਮਜ਼ਲੂਮਾਂ ਦੀ ਜ਼ੁਲਮ ਤੋਂ ਰੱਖਿਆਂ ਲਈ ਗੱਤਕੇ ਦੀ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ। ਸਿੱਖ ਇਤਿਹਾਸ, ਬਹਾਦਰੀ ਅਤੇ ਸਾਡੇ ਅਮੀਰ ਸੱਭਿਆਚਾਰ ਦਾ ਇੱਕ ਬਹੁਤ ਹੀ ਅਹਿਮ ਹਿੱਸਾ ਹੈ। ਉਨ੍ਹਾਂ ਨੇ ਸ਼ਹੀਦ ਬਾਬਾ ਦੀਪ ਸਿੰਘ ਦਲ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸੱਭਿਆਚਾਰ ਨਾਲ ਜੁੜਣ ਵੱਲ ਪ੍ਰੇਰਿਤ ਕਰਨ ਵਿੱਚ ਵੱਡਾ ਯੋਗਦਾਨ ਪਾਉਂਦੇ ਹਨ। ਸਮਾਗਮ ਦੇ ਅਖੀਰ ਵਿੱਚ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਸ. ਹਰਚੰਦ ਸਿੰਘ ਬਰਸਟ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।