ਅੰਮ੍ਰਿਤਸਰ : ਸੇਵਕ ਜਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰੇ ਸਥਿਤ ਗੁਰਦੁਆਰੇ ਸਾਹਿਬ ਦੇ ਮੈਨੇਜਰ ਸਰਦਾਰ ਗੋਰਾ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਪ੍ਰਬੰਧਾਂ ਨੂੰ ਹੋਰ ਸੁਚਾਰੂ ਅਤੇ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਪ੍ਰਧਾਨ ਤਰਲੋਚਨ ਸਿੰਘ ਬਿੱਟੂ ਨੇ ਮੈਨੇਜਰ ਗੋਰਾ ਸਿੰਘ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਅੰਮ੍ਰਿਤਸਰ ਦੇ ਹੋਰ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਵਿਖੇ ਕੁਝ ਲੋਕ ਰੁਮਾਲ ਵੇਚਣ ਅਤੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਦੇ ਨਾਂ ’ਤੇ ਸ਼ਰਧਾਲੂਆਂ ਨਾਲ ਲੁੱਟ-ਖਸੁੱਟ ਕਰ ਰਹੇ ਹਨ। ਕਈ ਵਾਰ ਸੰਗਤਾਂ ਨੂੰ ਜ਼ਬਰਦਸਤੀ ਰੁਮਾਲ ਖਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਤੋਂ ਮਨਮਰਜ਼ੀ ਦੇ ਪੈਸੇ ਵਸੂਲੇ ਜਾਂਦੇ ਹਨ, ਜਿਸ ਕਾਰਨ ਸ਼ਰਧਾਲੂਆਂ ਵਿੱਚ ਨਾਰਾਜ਼ਗੀ ਵੀ ਪਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਨਾ ਸਿਰਫ਼ ਸੰਗਤਾਂ ਨੂੰ ਪਰੇਸ਼ਾਨ ਕਰਦੀਆਂ ਹਨ, ਸਗੋਂ ਪਵਿੱਤਰ ਧਾਰਮਿਕ ਅਸਥਾਨਾਂ ਦੀ ਛਵੀ ਨੂੰ ਵੀ ਠੇਸ ਪਹੁੰਚਾਉਂਦੀਆਂ ਹਨ। ਇਸ ਲਈ ਲੋੜ ਹੈ ਕਿ ਇਸ ਸਮੱਸਿਆ ਦਾ ਜਲਦ ਹੱਲ ਕੱਢਿਆ ਜਾਵੇ ਤਾਂ ਜੋ ਆਉਣ ਵਾਲੀ ਸੰਗਤ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮੈਨੇਜਰ ਸਰਦਾਰ ਗੋਰਾ ਸਿੰਘ ਨੇ ਭਰੋਸਾ ਦਿਵਾਇਆ ਕਿ ਸੰਗਤਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਪ੍ਰਬੰਧਕਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਜਲਦ ਹੀ ਅਜਿਹੇ ਅਨਸਰਾਂ ਖ਼ਿਲਾਫ਼ ਢੁੱਕਵੇਂ ਕਦਮ ਚੁੱਕੇ ਜਾਣਗੇ, ਤਾਂ ਜੋ ਸ਼ਰਧਾਲੂਆਂ ਦੀ ਲੁੱਟ-ਖਸੁੱਟ ਨੂੰ ਰੋਕਿਆ ਜਾ ਸਕੇ ਅਤੇ ਉਨ੍ਹਾਂ ਨੂੰ ਸੁਖਦ ਧਾਰਮਿਕ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਗੁਰਦਾਸ ਹਾਲ ਦੇ ਇੰਚਾਰਜ ਸਰਦਾਰ ਹਰਜੀਤ ਸਿੰਘ, ਲਖਵਿੰਦਰ ਸਿੰਘ ਵਡਾਲੀ, ਜਸਬਿੰਦਰ ਸਿੰਘ ਮੰਗਲ ਸਿੰਘ, ਸਰਵਣ ਸਿੰਘ ਅਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ।