ਫ਼ਤਹਿਗੜ੍ਹ ਸਾਹਿਬ : ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ। ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ 'ਆਪ' ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ 'ਆਪ' ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਫ਼ਤਹਿਗੜ੍ਹ ਸਾਹਿਬ ਵਿਖੇ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ ਪਹਿਲੀ ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫ਼ੋਨਾਂ 'ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਦੇ ਨੋਟੀਫਿਕੇਸ਼ਨ ਪ੍ਰਾਪਤ ਹੋਣਗੇ। ਜਨਰਲ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ₹1,000 ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਲਈ ₹9,300 ਕਰੋੜ ਦਾ ਬਜਟ ਉਪਬੰਧ ਕੀਤਾ ਹੈ।” ਮੁੱਖ ਮੰਤਰੀ ਨੇ ਕਿਹਾ, “ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ। ਉਹ ਤਾਪਮਾਨ ਚੈੱਕ ਕਰਨ ਤੋਂ ਬਾਅਦ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਆਉਂਦੇ ਸਨ। ਦੂਜੇ ਪਾਸੇ ਮੈਂ 24 ਘੰਟੇ ਲੋਕਾਂ ਲਈ ਹਾਜ਼ਰ ਰਹਿੰਦਾ ਹਾਂ। ਜਨਤਾ ਦੀ ਸੇਵਾ ਮੇਰੇ ਲਈ ਕੋਈ ਕਦੇ-ਕਦਾਈਂ ਕੀਤੀ ਜਾਣ ਵਾਲੀ ਗਤੀਵਿਧੀ ਨਹੀਂ ਹੈ, ਇਹ ਮੇਰੀ ਜ਼ਿੰਮੇਵਾਰੀ ਹੈ।”