ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਖਿਲ ਭਾਰਤੀ ਸਿੱਖ ਸ਼ਿਕਲੀਗਰ ਸਮਾਜ ਵੱਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਇੱਕ ਵਿਸ਼ੇਸ਼ ਰਾਸ਼ਟਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਪੁੱਜੀਆਂ ਸੰਗਤਾਂ ਅਤੇ ਸਮਾਜ ਦੇ ਪ੍ਰਤੀਨਿਧਾਂ ਨੂੰ ਸੰਬੋਧਨ ਕਰਦਿਆਂ ਮਾਂ ਬੋਲੀ ਪੰਜਾਬੀ, ਗੁਰਸਿੱਖੀ ਜੀਵਨ, ਏਕਤਾ ਅਤੇ ਹੁਨਰ-ਅਧਾਰਿਤ ਸਿੱਖਿਆ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗਈ ਵਿਰਾਸਤ, ਭਾਸ਼ਾ, ਸਿਧਾਂਤਾਂ ਅਤੇ ਸ਼ਸਤਰ ਵਿਦਿਆ ਨੂੰ ਅਪਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਭਰ ਵਿੱਚ ਸਥਾਪਿਤ ਸਿੱਖ ਉਦਯੋਗਪਤੀਆਂ ਅਤੇ ਉਦਯੋਗਿਕ ਇਕਾਈਆਂ ਨਾਲ ਮਿਲ ਕੇ ਅਜਿਹੇ ਉਪਰਾਲੇ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਰੁਜ਼ਗਾਰ ਅਤੇ ਕਾਰੋਬਾਰ ਦੇ ਮੌਕੇ ਵੀ ਉਪਲਬਧ ਕਰਵਾਏ ਜਾ ਸਕਣ। ਮਾਂ ਬੋਲੀ ਪੰਜਾਬੀ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਦੀ ਪਹਿਚਾਣ ਉਸ ਦੀ ਭਾਸ਼ਾ, ਸੱਭਿਆਚਾਰ ਅਤੇ ਗੁਰਮਤਿ ਨਾਲ ਜੁੜੀ ਹੋਈ ਹੈ। ਉਨ੍ਹਾਂ ਸੰਗਤਾਂ ਤੋਂ ਵਚਨ ਲਿਆ ਕਿ ਉਹ ਆਪਣੇ ਘਰਾਂ, ਪਰਿਵਾਰਾਂ ਅਤੇ ਬੱਚਿਆਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣਗੇ ਅਤੇ ਇਸ ਨੂੰ ਵਿਸਰਨ ਨਹੀਂ ਦੇਣਗੇ।