ਮੋਗਾ : ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਵੱਲੋਂ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਅਤੇ ਆਦੇਸ਼ਾਂ ਨੂੰ ਲੈ ਕੇ ਅਪਣਾਇਆ ਜਾ ਰਿਹਾ ਵਤੀਰਾ ਬੇਹੱਦ ਗੈਰ-ਜ਼ਿੰਮੇਵਾਰਾਨਾ ਹੈ। ਇਹ ਕੋਈ ਆਮ ਪ੍ਰਤੀਕਿਰਿਆ ਨਹੀਂ, ਸਗੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਅਤੇ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੀਨੀਅਰ ਆਗੂ ਅਤੇ ਮੋਗਾ ਤੋਂ ਹਲਕਾ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਛਪਾਲ ਸਿੰਘ ਸੋਸਣ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਦੁਨੀਆ ਭਰ ਵਿੱਚ ਬੈਠੇ ਕਰੋੜਾਂ ਸਿੱਖਾਂ ਦੀ ਆਸਥਾ, ਸ਼ਕਤੀ ਅਤੇ ਨਿਆਂ ਦਾ ਕੇਂਦਰ ਹੈ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਕਿਸੇ ਹਾਕਮ ਨੇ ਅਹੰਕਾਰ ਵਿੱਚ ਆ ਕੇ ਇਸ ਸਰਵਉੱਚ ਤਖ਼ਤ ਨਾਲ ਟਕਰਾਅ ਦੀ ਨੀਤੀ ਅਪਣਾਈ ਹੈ, ਉਸ ਨੂੰ ਮੂੰਹ ਦੀ ਖਾਣੀ ਪਈ ਹੈ। ਪੰਜਾਬ ਦੇ ਅਸਲ ਮੁੱਦਿਆਂ ਜਿਵੇਂ ਨਸ਼ਾ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਖਰਾਬ ਕਾਨੂੰਨ ਵਿਵਸਥਾ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਜਾਣਬੁੱਝ ਕੇ ਧਾਰਮਿਕ ਮੁੱਦਿਆਂ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਸਾਰਿਆਂ ਲਈ ਸਭ ਤੋਂ ਪਹਿਲਾਂ ਹਨ। ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਰਛਪਾਲ ਸਿੰਘ ਸੋਸਣ ਨੇ ਸਮੂਹ ਪੰਥਕ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਦੀ ਰਾਖੀ ਲਈ ਇੱਕਜੁੱਟ ਹੋਣ।