ਕੋਟਕਪੂਰਾ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਦੇ ਸ਼ਡਿਊਲ ਤਹਿਤ ਮਿਤੀ 25 ਜੂਨ 2026 ਤੋਂ ਜ਼ਿਲ੍ਹਾ ਫਰੀਦਕੋਟ ਵਿੱਚ ਐਸ.ਆਈ.ਆਰ. ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ 87-ਫਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋਂ (ਅ.ਜ.) ਵਿੱਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟ-2 (ਬੀ.ਐੱਲ.ਏ.-2) ਨੂੰ ਐਸ.ਆਈ.ਆਰ. ਸਬੰਧੀ ਟਰੇਨਿੰਗ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ 511 ਪੋਲਿੰਗ ਸਟੇਸ਼ਨਾਂ ਲਈ ਨਿਯੁਕਤ ਬੀ.ਐੱਲ.ਏ.-2 ਨੂੰ 21 ਜੂਨ ਨੂੰ ਵਿਧਾਨ ਸਭਾ ਹਲਕਾ ਪੱਧਰ ’ਤੇ ਟਰੇਨਿੰਗ ਕਰਵਾਈ ਗਈ। ਟ੍ਰੇਨਿੰਗ ਵਿੱਚ ਆਮ ਆਦਮੀ ਪਾਰਟੀ ਦੇ 133, ਕਾਂਗਰਸ ਪਾਰਟੀ ਦੇ 266, ਸ਼੍ਰੋਮਣੀ ਅਕਾਲੀ ਦਲ ਦੇ 298 ਅਤੇ ਭਾਰਤੀ ਜਨਤਾ ਪਾਰਟੀ ਦੇ 33 ਬੂਥ ਲੈਵਲ ਏਜੰਟਾਂ ਨੇ ਭਾਗ ਲਿਆ। ਟਰੇਨਿੰਗ ਅਸੈਂਬਲੀ ਲੈਵਲ ਮਾਸਟਰ ਟਰੇਨਰਾਂ (ਏ.ਐੱਲ.ਐੱਮ.ਟੀ.) ਵੱਲੋਂ ਕਰਵਾਈ ਗਈ। ਇਸ ਤੋਂ ਇਲਾਵਾ ਟੋਲ ਫਰੀ ਨੰਬਰ 1950 ’ਤੇ ਵੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਦੀ ਪ੍ਰਕਿਰਿਆ ਨੂੰ ਸਫਲ ਬਣਾਉਣ ਲਈ ਚੋਣ ਵਿਭਾਗ ਦਾ ਪੂਰਾ ਸਹਿਯੋਗ ਕਰਨ।