ਸੁਨਾਮ : ਐਨ ਐਸ ਕਿਊ ਐਫ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਆਪ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸੁਨਾਮ ਪੁਲ ਨੀਚੇ ਤੋ ਸ਼ਹਿਰ ਵਿੱਚ ਲੰਘਦੇ ਹੋਏ ਅਮਨ ਅਰੋੜਾ ਦੀ ਕੋਠੀ ਤੱਕ ਸਰਕਾਰ ਦਾ ਜੰਮਕੇ ਪਿੱਟ ਸਿਆਪਾ ਕੀਤਾ ਗਿਆ। ਅਧਿਆਪਕਾਂ ਦੇ ਧਰਨੇ ਕਾਰਨ ਰਾਹਗੀਰਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇਹ ਵਾਅਦੇ ਕੀਤੇ ਸੀ ਕਿ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹੇਗਾ। ਸਿੱਖਿਆ ਵਿਭਾਗ ਅੱਗੇ ਲੱਗੇ ਧਰਨਿਆਂ ਵਿੱਚ ਅਰਵਿੰਦ ਕੇਜਰੀਵਾਲ ਨੇ ਖੁਦ ਇਹ ਗੱਲ ਕਹੀ ਸੀ ਕਿ ਸਰਕਾਰ ਬਣਦੇ ਹੀ ਸਾਰੇ ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਜਥੇਬੰਦੀ ਦੇ ਆਗੂਆਂ ਰਣਜੀਤ ਸਿੰਘ ਬਰਨਾਲਾ, ਭੁਪਿੰਦਰ ਸਿੰਘ ਰੋਪੜ੍ਹ, ਰਣਜੀਤ ਸਿੰਘ ਨਵਾਂਸ਼ਹਿਰ, ਗੁਰਜੀਤ ਸਿੰਘ ਬਠਿੰਡਾ, ਮਹਿਤਾਬ ਸਿੰਘ ਫਿਰੋਜ਼ਪੁਰ ਅਤੇ ਮਨਪ੍ਰੀਤ ਸਿੰਘ ਮੁਕਤਸਰ ਆਖਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 3670 ਐਨ ਐਸ ਕਿਊ ਐਫ ਵੋਕੇਸ਼ਨਲ ਅਧਿਆਪਕ ਕੰਮ ਕਰ ਰਹੇ ਹਨ। ਜਿਨਾਂ ਨੂੰ ਪੰਜਾਬ ਸਰਕਾਰ ਨੇ ਆਊਟਸੋਰਸ/ਕੰਪਨੀਆਂ ਅਧੀਨ ਭਰਤੀ ਕੀਤਾ ਹੋਇਆ ਹੈ। ਪਿਛਲੇ 12 ਸਾਲਾਂ ਤੋਂ ਇਹ ਕੰਪਨੀਆਂ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀਆਂ ਹਨ ਲੇਕਿਨ ਇਹਨਾਂ ਕੰਪਨੀਆਂ ਤੋਂ ਕਥਿਤ ਤੌਰ ਤੇ ਮਿਲਣ ਵਾਲੇ ਕਮਿਸ਼ਨ ਕਾਰਨ ਸਰਕਾਰ ਇਹਨਾਂ ਉੱਤੇ ਕੋਈ ਕਾਰਵਾਈ ਨਹੀਂ ਕਰਦੀ। ਦੂਜੇ ਪਾਸੇ ਨਾਲ ਦੇ ਸੂਬੇ ਹਰਿਆਣੇ ਅਤੇ ਦਿੱਲੀ ਵਿੱਚ ਵੋਕੇਸ਼ਨਲ ਅਧਿਆਪਕ ਕਿਤੇ ਵੱਧ ਤਨਖਾਹਾਂ ਅਤੇ ਜੋ ਸੁਰੱਖਿਆ ਦੀ ਨੀਤੀ ਪਿਛਲੇ 5 ਸਾਲਾਂ ਤੋਂ ਚੱਲ ਰਹੀ ਹੈ। ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਜੇਕਰ ਐਨ ਐਸ ਕਿਊ ਐਫ ਅਧਿਆਪਕਾ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿਚ ਹੋਰ ਵੀ ਤਿੱਖੇ ਪ੍ਰਦਰਸ਼ਨ ਕੀਤੇ ਜਾਣਗੇ ਜਿਸਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ l