ਬਲਾਚੌਰ : ਜ਼ਿਲ੍ਹਾ ਪਲੈਨਿੰਗ ਬੋਰਡ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਟੌਸਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਅਤੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵੋਟਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਕੇ ਦੂਜੀ ਵਾਰ ਆਪਣੀ ਸਰਕਾਰ ਬਣਾਵੇਗੀ।ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਸਾਹਮਣੇ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹਰ ਘਰ ਦੀ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਫ਼ਰੀ ਕਰਕੇ ਹਰ ਵਰਗ ਦੇ ਵਿਅਕਤੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ।18 ਸਾਲ ਤੋਂ ਵੱਧ ਉਮਰ ਦੀਆਂ ਐਸ.ਸੀ. ਵਰਗ ਦੀਆਂ ਬੀਬੀਆਂ-ਭੈਣਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਬੀਬੀਆਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਕੇ ਮਾਣ ਵਧਾਇਆ ਗਿਆ ਹੈ। 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ 'ਤੀਰਥ ਯਾਤਰਾ ਸਕੀਮ' ਤਹਿਤ ਹਰ ਪਿੰਡ ਤੋਂ ਬੱਸਾਂ ਰਾਹੀਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ। ਕੰਢੀ ਏਰੀਏ ਲਈ 'ਲਿਫਟ ਇਰੀਗੇਸ਼ਨ ਸਕੀਮ' ਤਹਿਤ ਨਹਿਰੀ ਪਾਣੀ ਪਹੁੰਚਾ ਕੇ ਕਿਸਾਨਾਂ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ। ਬੱਚਿਆਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸਰਕਾਰ ਦੀਆਂ ਇਨ੍ਹਾਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।