ਪਟਿਆਲਾ : ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਸਪੈਸ਼ਲ ਇਨਸੇਂਟਿਵੇ ਰਵੀਜ਼ਨ (ਐਸ ਆਈ ਆਰ-2026) ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ, ਪਟਿਆਲਾ ਡਾ ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ ਅਨੁਪ੍ਰਿਤਾ ਜੌਹਲ, ਚੋਣ ਤਹਿਸੀਲਦਾਰ ਵਿਜੇ ਚੌਧਰੀ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਨਿਯੁਕਤ ਕੀਤੇ ਬੀ.ਐਲ.ਏ-1 ਮੌਜੂਦ ਸਨ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਫਸਰ ਜੀ ਨੇ ਦੱਸਿਆ ਕਿ ਐਸ ਆਈ ਆਰ-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਤੋਂ ਵੱਧ ਸ਼ੁੱਧ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾ ਕਿਹਾ ਕਿ ਇਸ ਪ੍ਰਕਿਰਿਆ ਦੀ ਸਫਲਤਾ ਲਈ ਰਾਜਨੀਤਿਕ ਪਾਰਟੀਆਂ ਦੀ ਭਾਗੀਦਾਰੀ ਅਤੇ ਸਹਿਯੋਗ ਬਹੁਤ ਜਰੂਰੀ ਹੈ। ਮੀਟਿੰਗ ਵਿੱਚ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਲਈ ਬੂਥ ਲੈਵਲ ਏਜੰਟ (ਬੀ ਐਲ ਏ) ਦੀ ਨਿਯੁਕਤੀ ਜਲਤ ਤੋਂ ਜਲਦ ਯਕੀਨੀ ਬਣਾਉਣ ਅਤੇ ਨਿਯੁਕਤੀ ਪੱਤਰ ਨਿਰਧਾਰਤ ਪ੍ਰੋਫਾਰਮੇ ਵਿੱਚ ਸਬੰਧਤ ਚੋਣ ਰਜਿਸਟ੍ਰੇਸ਼ਨ ਅਫਸਰਾਂ ਕੋਲ ਜਮ੍ਹਾ ਕਰਵਾਉਣ। ਮੀਟਿੰਗ ਵਿੱਚ 1200 ਤੋਂ ਵੱਧ ਵੋਟਰਾਂ ਵਾਲੇ ਪੋਲਿੰਗ ਸਟੇਸ਼ਨਾਂ ਦੀ ਰੇਸ਼ਨੇਲਾਜ਼ੇਸ਼ਨ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਰਾਜਨੀਤਿਕ ਪਾਰਟੀਆਂ ਤੋਂ ਸੁਝਾਅ ਮੰਗੇ ਗਏ ਤਾਂ ਜੋ ਵੋਟਰਾਂ ਦੀ ਸੁਵਿਧਾ ਅਤੇ ਚੋਣ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।