ਬਰਨਾਲਾ : ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਹਰਪ੍ਰੀਤ ਸਿੰਘ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 25 ਜੂਨ ਤੋਂ 24 ਜੁਲਾਈ, 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।