ਸ਼ਹੀਦ ਭਗਤ ਸਿੰਘ ਨਗਰ : ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਮੁਹਿੰਮ ਚਲਾ ਰਹੀ ਹੈ।
ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਕੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਹੁਣ ਸਿਰਫ ਸਰਕਾਰੀ ਏਜੰਸੀਆਂ ਤੱਕ ਸੀਮਤ ਨਹੀਂ ਰਹੀ, ਸਗੋਂ ਇਹ ਇੱਕ ਵਿਆਪਕ ਜਨਤਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਮੂਹਿਕ ਸੰਕਲਪ ਨੂੰ ਤਾਕਤ ਮਿਲ ਰਹੀ ਹੈ। ਜਿੱਥੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਨਸ਼ਾ ਤਸਕਰਾਂ ਅਤੇ ਵਪਾਰੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ, ਉੱਥੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਮੁੜ-ਵਸੇਬੇ ’ਤੇ ਵੀ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਨਤਾ ਦੀ ਭਾਗੀਦਾਰੀ ਨਾਲ ਪੰਜਾਬ ਨਸ਼ਿਆਂ ਦੀ ਬਿਪਤਾ ਨੂੰ ਜੜ੍ਹੋਂ ਪੁੱਟ ਦੇਵੇਗਾ ਅਤੇ ਤਰੱਕੀ ਤੇ ਖੁਸ਼ਹਾਲੀ ਵੱਲ ਲਗਾਤਾਰ ਵਧੇਗਾ। ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਇੰਚਾਰਜ (ਜ਼ੋਨਲ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ) ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ।