ਪਟਿਆਲਾ : ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਯੋਗ ਅਗਵਾਈ ਹੇਠ ਅਤੇ ਸ. ਹਰਪਾਲ ਸਿੰਘ ਚੀਮਾ, ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਦੇ ਬੱਸ ਸਟੈਂਡਾਂ ਵਿਖੇ ਯਾਤਰੀਆਂ ਨੂੰ ਬਿਹਤਰ, ਸੁਚੱਜੀਆਂ ਅਤੇ ਆਧੁਨਿਕ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਚੇਅਰਮੈਨ ਪੀ.ਆਰ.ਟੀ.ਸੀ. ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਮਿਤੀ 27 ਮਈ 2026 ਨੂੰ ਬੁਢਲਾਡਾ ਬੱਸ ਸਟੈਂਡ ਅਤੇ ਡਿਪੂ/ਵਰਕਸ਼ਾਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ । ਨਿਰੀਖਣ ਦੌਰਾਨ ਉਨ੍ਹਾਂ ਨੇ ਯਾਤਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਵਾਰੀਆਂ ਅਤੇ ਸਟਾਫ਼ ਵੱਲੋਂ ਉਠਾਏ ਗਏ ਮੁੱਦਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਚੇਅਰਮੈਨ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਤੁਰੰਤ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅੰਦਰ ਪੀ.ਆਰ.ਟੀ.ਸੀ. ਦੇ ਸਮੂਹ ਬੱਸ ਸਟੈਂਡਾਂ, ਡਿਪੂਆਂ ਅਤੇ ਵਰਕਸ਼ਾਪਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਲਈ ਵੀ ਵਿਆਪਕ ਯੋਜਨਾ ਉਲੀਕੀ ਗਈ ਹੈ ਅਤੇ ਇਸ ਸਬੰਧੀ ਕੰਮ ਜਲਦ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਦੁਹਰਾਇਆ ਕਿ ਯਾਤਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਗੁਣਵੱਤਾ ਭਰੀਆਂ ਆਵਾਜਾਈ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਅਤੇ ਪੀ.ਆਰ.ਟੀ.ਸੀ. ਦੀ ਪ੍ਰਮੁੱਖ ਤਰਜੀਹ ਹੈ।