ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੀ ਇਤਿਹਾਸਕ ਪਹਿਚਾਣ ਅਤੇ ਲੋਕਾਂ ਦੀ ਪਸੰਦੀਦਾ ਸੈਰਗਾਹ ਰਜਿੰਦਰਾ ਲੇਕ ਨੂੰ ਹੋਰ ਸੁੰਦਰ ਅਤੇ ਆਕਰਸ਼ਕ ਬਣਾਉਣ ਲਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਕਾਲੀ ਮਾਤਾ ਮੰਦਰ ਨੇੜੇ ਸਥਿਤ ਰਜਿੰਦਰਾ ਲੇਕ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਲੇਕ ਦੇ ਆਲੇ-ਦੁਆਲੇ ਦੀ ਸਫ਼ਾਈ, ਹਰਿਆਲੀ, ਪੈਦਲ ਰਸਤੇ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਰਜਿੰਦਰਾ ਲੇਕ ਪਟਿਆਲਾ ਸ਼ਹਿਰ ਦੀ ਵਿਰਾਸਤ ਨਾਲ ਜੁੜਿਆ ਇੱਕ ਮਹੱਤਵਪੂਰਨ ਸਥਾਨ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਸ਼ਰਧਾਲੂ, ਸੈਲਾਨੀ ਅਤੇ ਸਵੇਰ-ਸ਼ਾਮ ਸੈਰ ਕਰਨ ਵਾਲੇ ਲੋਕ ਪਹੁੰਚਦੇ ਹਨ। ਇਸ ਲਈ ਲੇਕ ਨੂੰ ਸੁੰਦਰ, ਸਾਫ਼-ਸੁਥਰਾ ਅਤੇ ਲੋਕਾਂ ਲਈ ਵਧੇਰੇ ਸੁਵਿਧਾਜਨਕ ਬਣਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਸਫ਼ਾਈ, ਕੂੜਾ ਪ੍ਰਬੰਧਨ ਅਤੇ ਲੇਕ ਦੇ ਆਲੇ-ਦੁਆਲੇ ਸਫ਼ਾਈ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵੀ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ। ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰਜਿੰਦਰਾ ਲੇਕ ਦੀ ਸੁੰਦਰਤਾ ਅਤੇ ਸਫ਼ਾਈ ਨੂੰ ਬਣਾਈ ਰੱਖਣ ਵਿੱਚ ਨਗਰ ਨਿਗਮ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ ਦੀ ਸੰਭਾਲ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।