ਪਾਤੜਾਂ : ਨੌਜਵਾਨ ਭਾਰਤ ਸਭਾ ਘੱਗਾ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਝੋਪੜੀਆਂ ਵਿੱਚ ਰਹਿ ਕੇ ਗੁਜ਼ਾਰਾ ਕਰ ਰਹੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਲ ਲਈ ਐਸਡੀਐਮ ਪਾਤੜਾਂ ਦੇ ਨਾਮ ਇੱਕ ਮੰਗ ਪੱਤਰ ਤਹਿਸੀਲਦਾਰ ਪਾਤੜਾਂ ਹਰਸਿਮਰਨ ਸਿੰਘ ਨੂੰ ਸੌਂਪਿਆ ਗਿਆ । ਇਸ ਦੌਰਾਨ ਸਭਾ ਦੇ ਆਗੂਆਂ ਨੇ ਘੱਗਾ ਵਿੱਚ ਪਿਛਲੇ 35-40 ਸਾਲਾਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰਾਂ ਦੀਆਂ ਮੁੱਖ ਸਮੱਸਿਆਵਾਂ ਵੱਲ ਪ੍ਰਸ਼ਾਸਨ ਦਾ ਧਿਆਨ ਦਿਵਾਇਆ। ਨੌਜਵਾਨ ਭਾਰਤ ਸਭਾ ਦੇ ਸੂਬਾ ਆਗੂ ਦਵਿੰਦਰ ਛਬੀਲਪੁਰ ਅਤੇ ਜ਼ਿਲ੍ਹਾ ਆਗੂ ਗੁਰਦੀਪ ਕਲਵਾਣੂ ਦੀ ਅਗਵਾਈ ਹੇਠ ਮੰਗ ਪੱਤਰ ਸੋਂਪਣ ਉਪਰੰਤ ਦੱਸਿਆ ਕਿ ਘੱਗਾ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ ਪੱਕੇ ਘਰ ਬਣਾਉਣ ਲਈ ਯੋਗ ਥਾਂ ਮੁਹੱਈਆ ਕਰਵਾਈ ਜਾਵੇ ਅਤੇ ਸਰਕਾਰ ਵੱਲੋਂ ਬਣਦਾ ਯੋਗ ਮੁਆਵਜ਼ਾ ਦਿਵਾਉਣ ਲਈ ਠੋਸ ਯਤਨ ਕੀਤੇ ਜਾਣ। ਇੱਕ ਲੋਕਤੰਤਰੀ ਸਮਾਜ ਵਿੱਚ ਹਰ ਪਰਿਵਾਰ ਨੂੰ ਇੱਜ਼ਤ ਨਾਲ ਰਹਿਣ ਦਾ ਅਧਿਕਾਰ ਹੈ, ਜਿਸ ਨੂੰ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਨੌਜਵਾਨ ਭਾਰਤ ਸਭਾ ਨੇ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਪੱਕੇ ਰਿਹਾਇਸ਼ੀ ਪ੍ਰਬੰਧ ਮੁਹੱਈਆ ਕਰਵਾਏ ਜਾਣ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਮਜ਼ਦੂਰ ਪਰਿਵਾਰਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।