ਪਾਤੜਾਂ : ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਦਿੱਲੀ ਵਿਖੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਅਨੁਸੂਚਿਤ ਜਾਤੀਆਂ ਦੇ ਦੋ ਪ੍ਰਤੀਸ਼ਤ ਰਾਖਵੇਂ ਕੋਟੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਦੇ ਚਲਦਿਆਂ ਸੰਗਠਨ ਦੀ ਮਜਬੂਤੀ ਅਤੇ ਅਨੁਸੂਚਿਤ ਜਾਤੀਆਂ ਦੇ ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨੌਕਰੀਆਂ ਵਿੱਚ ਰਾਖਵੇਂਕਰਨ ਦੇ ਦੋ ਪ੍ਰਤੀਸ਼ਤ ਮੁੱਦੇ ਦੇ ਹੱਲ ਲਈ ਪਾਰਟੀ ਸੁਪਰੀਮੋ ਵੱਲੋਂ ਪੂਰਾ ਭਰੋਸਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਸ਼ੁਤਰਾਣਾ ਵਿੱਚ ਆਮ ਆਦਮੀ ਪਾਰਟੀ ਨੂੰ ਮਜਬੂਤ ਕਰਨ ਸਬੰਧੀ ਪੂਰੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।