ਧਰਮਪੁਰਾ (ਮਾਨਸਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ ਪੜ੍ਹਿਆ ਜਾ ਸਕਦਾ ਹੈ ਕਿ ਆਮ ਆਦਮੀ ਪਾਰਟੀ (ਆਪ) 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਰ ਵੀ ਵੱਡੇ ਬਹੁਮਤ ਨਾਲ ਸੱਤਾ ਵਿੱਚ ਵਾਪਸੀ ਕਰੇਗੀ, ਕਿਉਂਕਿ ਲੋਕਾਂ ਨੇ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਵਿੱਚ ਭਾਰੀ ਭਰੋਸਾ ਜਤਾਇਆ ਹੈ। ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਦੇ ਪਿੰਡ ਧਰਮਪੁਰਾ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਬੇਮਿਸਾਲ ਭਲਾਈ ਕਾਰਜਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਸਰਕਾਰ ਤੇ ਜਨਤਾ ਵਿਚਾਲੇ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਹੈ। ਸੂਬਾ ਸਰਕਾਰ ਨੇ 70 ਸਾਲਾਂ ਦੇ ਪਾੜੇ ਨੂੰ ਭਰ ਦਿੱਤਾ ਹੈ ਅਤੇ 'ਰੰਗਲਾ ਪੰਜਾਬ' ਸਿਰਜਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।" ਉਨ੍ਹਾਂ ਅੱਗੇ ਕਿਹਾ, "ਆਪ ਸਰਕਾਰ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ, ਜਿਸ ਨੇ 'ਲੋਕਾਂ ਦਾ ਮੈਨੀਫੈਸਟੋ' ਲਾਗੂ ਕੀਤਾ ਹੈ ਕਿਉਂਕਿ ਲੋਕਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਰਿਹਾ ਹੈ।" ਪੁਰਾਣੇ ਮੁੱਖ ਮੰਤਰੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ ਕਿਉਂਕਿ ਉਹ ਮੌਸਮ ਦੇਖ ਕੇ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਨਿਕਲਦੇ ਸਨ, ਜਦਕਿ ਮੈਂ ਲੋਕਾਂ ਲਈ ਚੌਵੀ ਘੰਟੇ ਹਾਜ਼ਰ ਹਾਂ। 'ਮੁੱਖ ਮੰਤਰੀ ਸਿਹਤ ਯੋਜਨਾ' ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, "ਲੋਕਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕੀਤੀ ਹੈ, ਜੋ ਦੇਸ਼ ਦੀ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ, ਜਿਸ ਤਹਿਤ ਪੰਜਾਬ ਦੇ ਹਰ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।" ਉਨ੍ਹਾਂ ਅੱਗੇ ਕਿਹਾ, "ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਅਜਿਹੀ ਵਿਆਪਕ ਸਿਹਤ ਬੀਮਾ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਨਾਲ-ਨਾਲ ਜਨਤਾ 'ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਇਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ। ਲੋਕ ਇਸ ਯੋਜਨਾ ਤਹਿਤ ਪਹਿਲਾਂ ਹੀ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।" ਮਹਿਲਾ ਸ਼ਕਤੀਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪਹਿਲੀ ਜੁਲਾਈ ਤੋਂ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ 'ਤੇ ਵਿੱਤੀ ਸਹਾਇਤਾ ਦੇ ਨੋਟੀਫਿਕੇਸ਼ਨ ਮਿਲਣੇ ਸ਼ੁਰੂ ਹੋ ਜਾਣਗੇ। " ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ, ਸਟਾਰਟ ਅੱਪਸ ਅਤੇ ਹੋਰ ਕਈ ਪ੍ਰਮੁੱਖ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਦੇਣਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਨਸ਼ਨ ਬਿਜਲੀ ਦੀਆਂ ਤਾਰਾਂ ਨੂੰ ਜ਼ਮੀਨਦੋਜ਼ ਕਰਨਾ ਉਨ੍ਹਾਂ ਨਵੀਨਤਾਕਾਰੀ ਪਹਿਲਕਦਮੀਆਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਸੂਬੇ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ।”