ਸੁਨਾਮ : ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਲਖਮੀਰਵਾਲਾ ਦੇ ਸਰਪੰਚ ਅਤੇ ਸਰਪੰਚ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸਰਪੰਚਾਂ ਦੇ ਮਾਣ ਭੱਤੇ ਵਿੱਚ ਕੀਤੇ ਵਾਧੇ ਨੂੰ ਸਰਾਹਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਪੰਚਾਂ ਦਾ ਮਾਣ ਭੱਤਾ ਵਧਾਕੇ 10,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਇੱਕ ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਹੈ। ਇਸ ਇਤਿਹਾਸਕ ਫੈਸਲੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਰਪੰਚ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਲੰਮੇ ਸਮੇਂ ਤੋਂ ਸਰਪੰਚਾਂ ਦੀ ਇਹ ਮੰਗ ਲਟਕ ਰਹੀ ਸੀ, ਜਿਸ ਨੂੰ ਪ੍ਰਵਾਨ ਕਰਕੇ ਮਾਨ ਸਰਕਾਰ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਅਸਲ ਕਦਰ ਕੀਤੀ ਹੈ। ਇਸ ਫੈਸਲੇ ਨਾਲ ਸਰਪੰਚਾਂ ਦਾ ਮਾਣ-ਸਨਮਾਨ ਵਧੇਗਾ ਅਤੇ ਉਹ ਹੋਰ ਵੱਧ ਉਤਸ਼ਾਹ ਨਾਲ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਸਕਣਗੇ। ਜ਼ਿਲ੍ਹਾ ਪ੍ਰਧਾਨ ਮਨਿੰਦਰ ਸਿੰਘ ਲਖਮੀਰਵਾਲਾ ਨੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਕੀਤੇ ਫੈਸਲੇ ਅਨੁਸਾਰ ਸਰਪੰਚਾਂ ਨੂੰ ਵਧਿਆ ਹੋਇਆ ਮਾਣ ਭੱਤਾ 15 ਅਗਸਤ ਤੋਂ ਮਿਲਣਾ ਸ਼ੁਰੂ ਹੋਵੇਗਾ। ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਦੀ ਜਨਤਾ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।