ਨਵੀਂ ਦਿੱਲੀ : ਕਾਂਗਰਸ ਨੇ ਵਾਰ-ਵਾਰ ਹੋ ਰਹੇ ਪੇਪਰ ਲੀਕ ਰੋਕਣ ਅਤੇ ਦੇਸ਼ ਵਿੱਚ ਵਿਆਪਕ ਬੇਰੁਜ਼ਗਾਰੀ ਦੇ ਮੱਦੇਨਜ਼ਰ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰਾਂ ਲਈ ਆਪਣੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ।
ਪਾਰਟੀ ਨੇ ਦੇਸ਼-ਵਿਆਪੀ ਮੁਹਿੰਮ ‘ਛਾਤਰੋਂ ਕੀ ਗੂੰਜ’ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦਾ ਉਦੇਸ਼ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਬੇਨਿਯਮੀਆਂ, ਦੇਰੀ ਅਤੇ ਰੱਦ ਹੋਣ ਦੀਆਂ ਘਟਨਾਵਾਂ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਕਰਨਾ ਹੈ। ਇਸ ਦੇ ਨਾਲ ਹੀ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਅਤੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਕੀਤੀ ਜਾਵੇਗੀ। ਅੱਜ ਇੱਥੇ 40 ਦਿਨਾਂ ਦੇ ਇਸ ਪ੍ਰੋਗਰਾਮ ਦਾ ਐਲਾਨ ਕਰਦਿਆਂ ਸੀਡਬਲਿਊਸੀ ਮੈਂਬਰ ਰਾਜੀਵ ਸ਼ੁਕਲਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਅਤੇ ਏਆਈਸੀਸੀ ਕੋਆਰਡੀਨੇਟਰ ਹੁਸੈਨ ਸੁਲਤਾਨੀਆ ਨੇ ਕਿਹਾ ਕਿ ਇਹ ਮੁਹਿੰਮ ਦੇਸ਼ ਭਰ ਵਿੱਚ ਚਲਾਈ ਜਾਵੇਗੀ। ਇਸ ਤਹਿਤ ਕੋਚਿੰਗ ਸੈਂਟਰਾਂ, ਯੂਨੀਵਰਸਿਟੀਆਂ, ਹੋਸਟਲਾਂ, ਲਾਇਬ੍ਰੇਰੀਆਂ ਅਤੇ ਜਨਤਕ ਥਾਵਾਂ 'ਤੇ ਵਿਦਿਆਰਥੀਆਂ ਨਾਲ ਸੰਪਰਕ ਕੀਤਾ ਜਾਵੇਗਾ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਵਾਰ-ਵਾਰ ਸਾਹਮਣੇ ਆ ਰਹੇ ਪ੍ਰੀਖਿਆ ਵਿਵਾਦਾਂ ਨੇ ਪ੍ਰਤੀਯੋਗੀ ਪ੍ਰੀਖਿਆਵਾਂ ਅਤੇ ਭਰਤੀ ਪ੍ਰਕਿਰਿਆਵਾਂ ਪ੍ਰਤੀ ਲੋਕਾਂ ਦਾ ਭਰੋਸਾ ਬੁਰੀ ਤਰ੍ਹਾਂ ਹਿਲਾ ਦਿੱਤਾ ਹੈ। ਉਨ੍ਹਾਂ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਕਰੀ ਦੇ ਉਮੀਦਵਾਰਾਂ ਨੂੰ ਪ੍ਰਭਾਵਿਤ ਕਰਨ ਵਾਲਾ "ਰਾਸ਼ਟਰੀ ਸੰਕਟ" ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਕੇਂਦਰੀ ਮੁੱਦਾ ਨੀਟ ਯੂਜੀ-2026 ਨਾਲ ਜੁੜਿਆ ਵਿਵਾਦ ਹੈ। ਉਨ੍ਹਾਂ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ 3 ਮਈ ਨੂੰ ਹੋਈ ਮੈਡੀਕਲ ਦਾਖ਼ਲਾ ਪ੍ਰੀਖਿਆ ਵਿੱਚ ਪੇਪਰ ਲੀਕ ਦੇ ਦੋਸ਼ਾਂ ਤੋਂ ਬਾਅਦ ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ ਪ੍ਰੀਖਿਆ ਰੱਦ ਕਰ ਦਿੱਤੀ, ਜਿਸ ਤੋਂ ਬਾਅਦ ਸੀਬੀਆਈ ਜਾਂਚ ਸ਼ੁਰੂ ਹੋਈ ਅਤੇ 20 ਲੱਖ ਤੋਂ ਵੱਧ ਉਮੀਦਵਾਰਾਂ ਲਈ ਮੁੜ ਪ੍ਰੀਖਿਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੂਰੇ ਜੁਲਾਈ ਮਹੀਨੇ ਦੌਰਾਨ ਵਿਦਿਆਰਥੀਆਂ ਨਾਲ ਸੰਵਾਦ, ਕੈਂਪਸ ਸੰਪਰਕ ਮੁਹਿੰਮਾਂ ਅਤੇ "ਅੰਬੇਡਕਰ ਸੰਵਾਦ" ਪ੍ਰੋਗਰਾਮ ਕਰਵਾਏ ਜਾਣਗੇ। ਇਹ ਮੁਹਿੰਮ 1 ਅਗਸਤ ਨੂੰ ਦੇਸ਼ ਦੇ 28 ਸ਼ਹਿਰਾਂ ਵਿੱਚ ਇੱਕੋ ਸਮੇਂ ਕਲੈਕਟਰੇਟਾਂ ਅੱਗੇ ਪ੍ਰਦਰਸ਼ਨਾਂ ਨਾਲ ਅਗਲੇ ਪੜਾਅ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਬਾਅਦ 9 ਅਗਸਤ ਨੂੰ ਨਵੀਂ ਦਿੱਲੀ ਵਿੱਚ "ਸੰਸਦ ਘੇਰਾਓ" ਕੀਤਾ ਜਾਵੇਗਾ, ਤਾਂ ਜੋ ਕੇਂਦਰ ਸਰਕਾਰ 'ਤੇ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਲਈ ਦਬਾਅ ਬਣਾਇਆ ਜਾ ਸਕੇ।