ਸੁਨਾਮ : ਕੌਮਾਂਤਰੀ ਨਸ਼ਾ ਵਿਰੋਧੀ ਦਿਵਸ ਮੌਕੇ ਪਿੰਡ ਫਤਿਹਗੜ੍ਹ ਦੀ ਪ੍ਰਸਿੱਧ ਵਿਦਿਅਕ ਸੰਸਥਾ 'ਅਕਾਲ ਅਕੈਡਮੀ' ਵਿਖੇ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਜਾਗਰੂਕਤਾ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਸਿਹਤ ਕਰਮਚਾਰੀ ਅਵਤਾਰ ਸਿੰਘ ਗੰਢੂਆਂ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿਨ੍ਹਾਂ ਨਾਲ ਸਿਹਤ ਕਰਮਚਾਰੀ ਹਰਪ੍ਰੀਤ ਕੌਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਸਮਾਗਮ ਦੀ ਸ਼ੁਰੂਆਤ ਦੌਰਾਨ ਅਕਾਲ ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਅਤੇ ਸਮੂਹ ਸਟਾਫ਼ ਵੱਲੋਂ ਆਏ ਹੋਏ ਸਿਹਤ ਕਰਮਚਾਰੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਕਰਮਚਾਰੀ ਅਵਤਾਰ ਸਿੰਘ ਗੰਢੂਆਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ ਅਤੇ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਹੋਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਸਿਹਤ ਕਰਮਚਾਰੀ ਹਰਪ੍ਰੀਤ ਕੌਰ ਨੇ ਵੀ ਬੱਚਿਆਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਅਤੇ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਲੋਕਾਂ ਨੂੰ ਇਸ ਨਾਮੁਰਾਦ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਣ ਦਿਵਾਇਆ ਕਿ ਉਹ ਦੇਸ਼ ਨੂੰ ਨਸ਼ਾ-ਮੁਕਤ ਬਣਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜੀਵ ਅਰੋੜਾ, ਯਾਦਵਿੰਦਰ ਸਿੰਘ, ਜਗਦੀਪ ਸਿੰਘ, ਜਸਬੀਰ ਕੌਰ, ਤਰਸੇਮ ਸਿੰਘ, ਸੁਖਜਿੰਦਰ ਕੌਰ, ਵੀਰਪਾਲ ਕੌਰ, ਹਰਜਿੰਦਰ ਕੌਰ, ਰਾਜਵਿੰਦਰ ਕੌਰ, ਸਿਮਰਜੀਤ ਕੌਰ, ਅਮਨਦੀਪ ਕੌਰ, ਸਰੋਜ ਰਾਣੀ, ਨਵਲੀਨ ਕੌਰ ਅਤੇ ਅਮਨਦੀਪ ਕੌਰ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦਾ ਅਹਿਦ ਲਿਆ।