ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ’ਤੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਜ਼ਿੰਮੇਵਾਰ ਲੋਕ ਛੇਤੀ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸਮਾਣਾ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026' ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਵਿਵਸਥਾ ਕਰੇਗਾ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਲੋਕ-ਪੱਖੀ ਸ਼ਾਸਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ 'ਤੇ ਖ਼ਰਚ ਕੀਤਾ ਜਾ ਰਹੀ ਹੈ, ਜਦਕਿ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 68,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ। ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "ਅੱਜ ਸਮਾਣਾ ਵਿਧਾਨ ਸਭਾ ਹਲਕੇ ਦੇ ਪਿੰਡ ਗਾਜੇਵਾਸ ਵਿਖੇ 'ਲੋਕ ਮਿਲਣੀ' ਦੌਰਾਨ ਲੋਕਾਂ ਨਾਲ ਰਾਬਤਾ ਕਾਇਮ ਕੀਤਾ। ਲੋਕਾਂ ਵੱਲੋਂ ਭਰਵਾਂ ਹੁੰਗਾਰਾ ਅਤੇ ਅਥਾਹ ਪਿਆਰ ਮਿਲਿਆ। ਪਿੰਡ ਗਾਜੇਵਾਸ ਦੇ ਵਿਕਾਸ ਲਈ ਪਿੰਡ ਦੇ ਸਰਪੰਚ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ। ਔਰਤਾਂ ਲਈ ਵਿੱਤੀ ਸੁਰੱਖਿਆ, ਮੁਫ਼ਤ ਸਿਹਤ ਸਹੂਲਤਾਂ ਅਤੇ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਯਕੀਨੀ ਬਣਾਉਣਾ ਸਾਡੀ ਮੁੱਖ ਤਰਜੀਹ ਹੈ।" ਪੋਸਟ ਦੇ ਅੰਤ ਵਿੱਚ ਲਿਖਿਆ, "ਸਾਡਾ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਨੂੰ ਬਿਹਤਰ ਸਹੂਲਤਾਂ ਮਿਲਣ ਅਤੇ ਪੰਜਾਬ ਨੂੰ ਹਰ ਖੇਤਰ ਵਿੱਚ ਨੰਬਰ ਇਕ ਸੂਬਾ ਬਣਾਇਆ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹੀ ਕਾਰਨ ਹੈ ਕਿ ਇਹ ਲੋਕ ਅਤੇ ਇਨ੍ਹਾਂ ਦੇ ਹੱਥ-ਠੋਕੇ ਹੁਣ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੀ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਆਪਣੇ ਪਾਪਾਂ ਲਈ ਕਾਨੂੰਨ ਦੇ ਕਟਹਿਰੇ ਵਿੱਚ ਬੇਨਕਾਬ ਹੋ ਜਾਣਗੇ। ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਅਤੇ ਉਹ ਜਲਦ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ।"