ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਪੱਸ਼ਟ ਕੀਤਾ ਕਿ ਸਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਸਬੰਧੀ ਉੱਠੇ ਵਿਵਾਦ ਦੇ ਮੱਦੇਨਜ਼ਰ ਤਖ਼ਤ ਸਾਹਿਬ ਵੱਲੋਂ ਪਾਸ ਕੀਤੇ ਗਏ ਗੁਰਮਤੇ 'ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਦ੍ਰਿੜਤਾ ਨਾਲ ਪਹਿਰਾ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਧਾਮਾਂ ਅਤੇ ਉਨ੍ਹਾਂ ਦੇ ਪ੍ਰਬੰਧ ਵਿੱਚ ਕਿਸੇ ਵੀ ਸਰਕਾਰ ਜਾਂ ਬਾਹਰੀ ਧਿਰ ਦੀ ਦਖ਼ਲਅੰਦਾਜ਼ੀ ਸਿੱਖ ਜਗਤ ਲਈ ਕਤਈ ਮਨਜ਼ੂਰ ਨਹੀਂ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਪ੍ਰਸਤਾਵਿਤ ਸੋਧ ਬਿੱਲ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਬਿਨਾਂ ਸਿੱਖ ਜਥੇਬੰਦੀਆਂ ਨਾਲ ਸਲਾਹ-ਮਸ਼ਵਰਾ ਕੀਤੇ ਅਜਿਹਾ ਕਦਮ ਚੁੱਕਣ ਕਾਰਨ ਸਿੱਖ ਭਾਈਚਾਰੇ ਵਿੱਚ ਬਹੁਤ ਰੋਸ ਪੈਦਾ ਹੋਇਆ ਹੈ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਕਮੇਟੀ ਹਮੇਸ਼ਾ ਦੀ ਤਰ੍ਹਾਂ ਸਿੱਖ ਪੰਥ ਦੇ ਹੱਕਾਂ ਅਤੇ ਗੁਰੂ ਘਰਾਂ ਦੀ ਮਰਿਆਦਾ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਫ਼ੈਸਲੇ ਦੀ ਰੱਖਿਆ ਕਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਅਜਿਹਾ ਕੋਈ ਵੀ ਬਿੱਲ ਪਾਸ ਨਾ ਹੋਵੇ ਜੋ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੇ ਜਾਂ ਪੰਥ ਵਿੱਚ ਬੇਲੋੜਾ ਰੋਸ ਪੈਦਾ ਕਰੇ।