ਪਟਿਆਲਾ : ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਦੇ ਮੌਕੇ 'ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਦੇਸ਼ ਸੇਵਾ ਅਤੇ ਰੋਜ਼ਗਾਰ ਦੇ ਉਸਾਰੂ ਪਾਸੇ ਲਗਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਇੱਕ ਵੱਡੀ ਅਤੇ ਨਿਵੇਕਲੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਤਿਆਰ ਕੀਤੇ ਗਏ ਵਿਸ਼ੇਸ਼ ਜਾਣਕਾਰੀ ਭਰਪੂਰ ਫਲੈਕਸ ਬੋਰਡਾਂ ਨੂੰ ਰਸਮੀ ਤੌਰ ਉੱਤੇ ਰਿਲੀਜ਼ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਬਿਊਰੋ ਅਤੇ ਪਟਿਆਲਾ ਪ੍ਰਸ਼ਾਸਨ ਦੇ ਇਸ ਨਿਵੇਕਲੇ ਕਦਮ ਦੀ ਭਰਪੂਰ ਸ਼ਲਾਘਾ ਕੀਤੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮਹਾਰਾਜਾ ਭਾਲਿੰਦਰ ਸਿੰਘ ਪੋਲੋ ਗਰਾਊਂਡ ਵਿਖੇ ਲਗਾਏ ਗਏ ਬੋਰਡ ਦੀ ਤਰਜ਼ 'ਤੇ, ਆਉਣ ਵਾਲੇ ਦਿਨਾਂ ਵਿੱਚ ਇਹ ਜਾਗਰੂਕਤਾ ਫਲੈਕਸ ਬੋਰਡ ਪਟਿਆਲਾ ਜ਼ਿਲ੍ਹੇ ਦੇ ਸਾਰੇ ਮੁੱਖ ਐਥਲੈਟਿਕ ਗਰਾਊਂਡਾਂ, ਸਕੂਲਾਂ ਦੇ ਖੇਡ ਮੈਦਾਨਾਂ ਅਤੇ ਪਿੰਡਾਂ ਦੇ ਸਾਂਝੇ ਖੇਡ ਮੈਦਾਨਾਂ ਵਿੱਚ ਪ੍ਰਦਰਸ਼ਿਤ ਕੀਤੇ ਜਾਣਗੇ, ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਨੌਜਵਾਨ ਇਸ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਨਸ਼ਿਆਂ ਨੂੰ ਨਕਾਰਨ ਅਤੇ ਦੇਸ਼ ਦੀ ਸੇਵਾ ਵਿੱਚ ਆਪਣਾ ਬਹੁਮੁੱਲਾ ਯੋਗਦਾਨ ਪਾ ਸਕਣ।