ਲੁਧਿਆਣਾ : ਹਲਕਾ ਗਿੱਲ ਦੇ ਪਿੰਡ ਦਾਦ ਵਿਖੇ ਬਹੁਜਨ ਸਮਾਜ ਪਾਰਟੀ ਵੱਲੋਂ ਚਲਾਈ ਜਾ ਰਹੀ "ਪੰਜਾਬ ਸੰਭਾਲੋ" ਮੁਹਿੰਮ ਤਹਿਤ ਇੱਕ ਵਿਸ਼ੇਸ਼ ਮੀਟਿੰਗ ਸਰਵਣ ਕੁਮਾਰ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਬਸਪਾ ਪੰਜਾਬ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਮੁੱਖ ਬੁਲਾਰੇ ਵਜੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਗ ਸਿੰਘ ਸਰੀਂਹ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਹੀ ਹੈ ਅਤੇ "ਪੰਜਾਬ ਸੰਭਾਲੋ" ਮੁਹਿੰਮ ਦਾ ਉਦੇਸ਼ ਸੂਬੇ ਵਿੱਚ ਲੋਕਾਂ ਨੂੰ ਆਪਣੇ ਹੱਕਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਅਤੇ ਉਸ ਦੀ ਸਹੀ ਤਸਦੀਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਐਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰੀਵਿਜ਼ਨ) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਅਤੇ ਬੀ.ਐਲ.ਓ.-2 ਲਗਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸਹੀ ਤਿਆਰੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਬਹੁਤ ਮਹੱਤਵਪੂਰਨ ਹੈ ਅਤੇ ਹਰ ਨਾਗਰਿਕ ਨੂੰ ਇਸ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।