ਕੋਟਕਪੂਰਾ : ਪੰਜਾਬ ਦੀ ਸਿਆਸਤ ਵਿੱਚ ਇਸ ਵਾਰ ਬਦਲਾਅ ਦੀ ਵੱਡੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਅਤੇ ਸੂਬੇ ਦੇ ਲੋਕ ਇੱਕ ਵਾਰ ਫਿਰ ਤੋਂ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਦੇਖਣ ਲਈ ਉਤਾਵਲੇ ਹਨ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਆਲ ਇੰਡੀਆ ਰੰਗ ਰੇਟਾ ਦਲ ਦੇ ਪ੍ਰਧਾਨ ਰਮੇਸ਼ ਸਿੰਘ ਦੇਵੀਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਨਾਹਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਰਮੇਸ਼ ਸਿੰਘ ਦੇਵੀਵਾਲਾ ਨੇ ਦੱਸਿਆ ਕਿ ਪੰਜਾਬ ਦੀ ਮੌਜੂਦਾ ਜਨਤਾ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੀ ਹੈ ਅਤੇ ਸੂਬੇ ਦੇ ਹਰ ਵਰਗ ਵਿੱਚ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਜੋ ਇਤਿਹਾਸਕ ਅਤੇ ਲੋਕ-ਪੱਖੀ ਫੈਸਲੇ ਲਏ ਸਨ, ਉਨ੍ਹਾਂ ਨੂੰ ਪੰਜਾਬ ਦੇ ਲੋਕ ਅੱਜ ਵੀ ਯਾਦ ਕਰਦੇ ਹਨ। ਚੰਨੀ ਨੇ ਹਮੇਸ਼ਾ ਇੱਕ ਆਮ ਇਨਸਾਨ ਵਾਂਗ ਲੋਕਾਂ ਦੇ ਦੁੱਖ-ਸੁੱਖ ਵਿੱਚ ਸ਼ਾਮਲ ਹੋ ਕੇ ਕੰਮ ਕੀਤਾ, ਜਿਸ ਕਾਰਨ ਉਹ ਅੱਜ ਵੀ ਪੰਜਾਬ ਦੇ ਹਰ ਘਰ ਵਿੱਚ ਹਰਮਨ ਪਿਆਰੇ ਨੇਤਾ ਹਨ। ਉਹਨਾਂ ਅੱਗੇ ਕਿਹਾ ਕਿ ਗਰੀਬਾਂ, ਕਿਸਾਨਾਂ, ਮੁਲਾਜ਼ਮਾਂ ਅਤੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਸਿਰਫ਼ ਕਾਂਗਰਸ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵਾਰ ਕਾਂਗਰਸ ਪਾਰਟੀ ਨੂੰ ਵੱਡਾ ਫਤਵਾ ਦੇਣਗੇ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਪੰਜਾਬ ਵਿੱਚ ਮੁੜ ਖੁਸ਼ਹਾਲੀ ਅਤੇ ਵਿਕਾਸ ਦਾ ਦੌਰ ਸ਼ੁਰੂ ਹੋਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲਾਮਬੰਦ ਹੋਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਵੀ ਕੀਤੀ।