ਸੁਨਾਮ, 28 ਜੂਨ (ਪੰਜਾਬੀ ਸਹਿਜ ਟਾਈਮਜ਼) : ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਵਿੱਚ ਕਟੌਤੀ ਕੀਤੇ ਜਾਣ ਤੋਂ ਨਰਾਜ਼ ਕਿਸਾਨਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹਦਿਆਂ ਬਿਜਲੀ ਗਰਿੱਡਾਂ ਮੂਹਰੇ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਐਤਵਾਰ ਨੂੰ ਸੁਨਾਮ ਨੇੜਲੇ ਪਿੰਡਾਂ ਛਾਜਲੀ ਅਤੇ ਕਣਕਵਾਲ ਭੰਗੂਆਂ ਵਿਖੇ ਸਥਿਤ ਬਿਜਲੀ ਗਰਿੱਡ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਦੇ ਝੰਡਿਆਂ ਹੇਠ ਇਕੱਠੇ ਹੋਏ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ, ਗੁੱਸੇ ਵਿੱਚ ਆਏ ਕਿਸਾਨਾਂ ਨੇ ਛਾਜਲੀ ਵਿਖੇ ਸੁਨਾਮ ਲਹਿਰਾ ਸੜਕ ਤੇ ਧਰਨਾ ਦੇਕੇ ਆਵਾਜਾਈ ਰੋਕੀ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀ ਮੋਟਰਾਂ ਨੂੰ ਸਿਰਫ਼ ਚਾਰ ਤੋਂ ਪੰਜ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਜਦਕਿ ਸਰਕਾਰ ਅੱਠ ਘੰਟਿਆਂ ਦੇ ਦਾਅਵੇ ਕਰ ਰਹੀ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਸਰਕਾਰ ਖੇਤੀ ਸੈਕਟਰ ਨੂੰ ਬੇਰੋਕ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਵੇ, ਬਿਜਲੀ ਸਪਲਾਈ ਦੀ ਘਾਟ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈ ਰਿਹਾ ਹੈ, ਖੇਤੀ ਦੇ ਲਾਗਤ ਖਰਚਿਆਂ ਵਿੱਚ ਹੋ ਰਹੇ ਵਾਧੇ ਕਰਕੇ ਕਿਸਾਨੀ ਘਾਟੇ ਦਾ ਧੰਦਾ ਬਣਦੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਸਰਕਾਰ ਬਿਜਲੀ ਸਪਲਾਈ ਯਕੀਨੀ ਬਣਾਉਣ ਵੱਲ ਧਿਆਨ ਕੇਂਦਰਿਤ ਕਰੇ।
ਫਾਈਲ 27-- ਬਿਜਲੀ ਸੁਨਾਮ