ਸੁਨਾਮ, 28 ਜੂਨ (ਪੰਜਾਬੀ ਸਹਿਜ ਟਾਈਮਜ਼) : ਝੋਨੇ ਦੇ ਸੀਜ਼ਨ ਦੌਰਾਨ ਖੇਤੀ ਮੋਟਰਾਂ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਸਰਕਾਰ ਤੋਂ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਪਾਵਰਕਾਮ ਵੱਲੋਂ ਸੁਨਾਮ ਇਲਾਕੇ ਅੰਦਰ ਲਗਾਏ ਜਾ ਰਹੇ ਬਿਜਲੀ ਦੇ ਲੰਮੇ ਕੱਟਾਂ ਕਾਰਨ ਜਿੱਥੇ ਆਮ ਲੋਕਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਕਿਸਾਨਾਂ ਨੂੰ ਖੇਤਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਕੀਕਤ ਵਿੱਚ ਕਿਸਾਨਾਂ ਨੂੰ ਪਿਛਲੇ ਕਈ ਹਫ਼ਤਿਆਂ ਤੋਂ ਸਿਰਫ਼ 4 ਤੋਂ 5 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ, ਜੋ ਕਿ ਝੋਨੇ, ਮੱਕੀ ਅਤੇ ਸਬਜ਼ੀਆਂ ਵਰਗੀਆਂ ਫ਼ਸਲਾਂ ਲਈ ਨਾਕਾਫ਼ੀ ਹੈ। ਅੱਤ ਦੀ ਗਰਮੀ ਦੇ ਮੌਸਮ ਵਿੱਚ ਫ਼ਸਲਾਂ ਨੂੰ ਸਮੇਂ ਸਿਰ ਪਾਣੀ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਪਰ ਬਿਜਲੀ ਦੀ ਘਾਟ ਕਾਰਨ ਫ਼ਸਲਾਂ ਸੁੱਕਣ ਦੇ ਕਗਾਰ ’ਤੇ ਪਹੁੰਚ ਚੁੱਕੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਕਾਰਨ ਸਿਰਫ਼ ਕਿਸਾਨ ਹੀ ਨਹੀਂ, ਬਲਕਿ ਆਮ ਘਰੇਲੂ ਖ਼ਪਤਕਾਰ ਅਤੇ ਛੋਟੇ ਕਾਰੋਬਾਰੀ ਵੀ ਬੇਹਾਲ ਹਨ।ਕਿਸਾਨ ਆਗੂ ਰਣ ਸਿੰਘ ਚੱਠਾ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਖੇਤਾਂ ਅਤੇ ਘਰਾਂ ਲਈ ਬਿਜਲੀ ਸਪਲਾਈ ਨੂੰ ਨਿਰਵਿਘਨ ਬਣਾਇਆ ਜਾਵੇ ਤਾਂ ਜੋ ਫ਼ਸਲਾਂ ਨੂੰ ਬਚਾਇਆ ਜਾ ਸਕੇ ।
ਫਾਈਲ 28-- ਰਣ ਸੁਨਾਮ