ਫ਼ਰੀਦਕੋਟ : ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਪਹਿਲੇ ਦਿਨ 21,222 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹੁਸਨਪਾਲ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵਾਰ 56,313 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਮੁਹਿੰਮ ਲਈ 330 ਪੋਲੀਓ ਬੂਥ, 555 ਹਾਊਸ-ਟੂ-ਹਾਊਸ ਟੀਮਾਂ, 11 ਮੋਬਾਈਲ ਟੀਮਾਂ ਅਤੇ 17 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਏ.ਐਨ.ਐਮਜ਼, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਵੱਲੋਂ ਵੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਕਿਸੇ ਕਾਰਨ ਅੱਜ ਪੋਲੀਓ ਰੋਧਕ ਬੂੰਦਾਂ ਨਹੀਂ ਪਿਲਾਈਆਂ ਜਾ ਸਕੀਆਂ, ਉਨ੍ਹਾਂ ਨੂੰ 29 ਅਤੇ 30 ਜੂਨ 2026 ਨੂੰ ਸਿਹਤ ਵਿਭਾਗ ਦੀਆਂ ਹਾਊਸ-ਟੂ-ਹਾਊਸ ਟੀਮਾਂ ਘਰ-ਘਰ ਜਾ ਕੇ ਪੋਲੀਓ ਰੋਧਕ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਪੰਜ ਸਾਲ ਤੋਂ ਘੱਟ ਉਮਰ ਦਾ ਕੋਈ ਵੀ ਬੱਚਾ ਪੋਲੀਓ ਰੋਧਕ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।