ਮੋਗਾ : ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਨਿੱਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੇ ਸਰਕਾਰੀ ਸਿਹਤ ਸੰਸਥਾਨਾਂ, ਪੋਲੀਓ ਬੂਥਾਂ ਅਤੇ ਹੋਰ ਨਿਰਧਾਰਿਤ ਥਾਵਾਂ 'ਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਐੱਸ.ਐੱਮ.ਓ. ਡਰੋਲੀ ਭਾਈ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣਾ ਹੈ, ਤਾਂ ਜੋ ਕੋਈ ਵੀ ਬੱਚਾ ਇਸ ਜੀਵਨ ਰੱਖਿਅਕ ਖੁਰਾਕ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਪੋਲੀਓ ਬੂਥਾਂ ਦੇ ਨਾਲ-ਨਾਲ ਮੋਬਾਈਲ ਅਤੇ ਟਰਾਂਜ਼ਿਟ ਟੀਮਾਂ ਵੀ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ, ਜੋ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ 'ਤੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੋਲੀਓ ਮੁਕਤ ਸਮਾਜ ਦੀ ਸਿਰਜਣਾ ਲਈ ਹਰ ਬੱਚੇ ਤੱਕ ਪੋਲੀਓ ਰੋਕੂ ਬੂੰਦਾਂ ਪਹੁੰਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।