ਸਨੌਰ : ਸਨੌਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ, ਜਿਸ ਕਾਰਨ ਇਲਾਕਾ ਵਾਸੀਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਤਾਜ਼ਾ ਘਟਨਾ ਵਿੱਚ ਸ਼ਹਿਰ ਦੇ ਅੱਧਾ ਦਰਜਨ ਦੇ ਕਰੀਬ ਘਰਾਂ ਵਿੱਚ ਲੱਗੇ ਮੋਟਰ ਕੁਨੈਕਸ਼ਨਾਂ ਦੀਆਂ ਬਿਜਲੀ ਵਾਲੀਆਂ ਤਾਰਾਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਕੁਰ ਸਿੰਗਲਾ ਨੇ ਦੱਸਿਆ ਕਿ ਰਾਤ ਦੇ ਸਮੇਂ ਮੋਟਰਾਂ ਨਾਲ ਜੁੜੀਆਂ ਬਿਜਲੀ ਦੀਆਂ ਤਾਰਾਂ ਕੱਟ ਕੇ ਚੋਰੀ ਕਰ ਲਈਆਂ। ਸਵੇਰੇ ਜਦੋਂ ਪਰਿਵਾਰਕ ਮੈਂਬਰਾਂ ਨੇ ਪਾਣੀ ਦੀ ਮੋਟਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਚੋਰੀ ਦਾ ਪਤਾ ਲੱਗਾ। ਇਸ ਘਟਨਾ ਕਾਰਨ ਘਰਾਂ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਓਹਨਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਸਨੌਰ ਵਿੱਚ ਚੋਰੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਇਸ ਦੇ ਬਾਵਜੂਦ ਚੋਰਾਂ 'ਤੇ ਕੋਈ ਕਾਰਵਾਈ ਹੁੰਦੀ ਨਜ਼ਰ ਨਹੀਂ ਆ ਰਹੀ। ਓਹਨਾ ਸਨੌਰ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਇਸ ਸਬੰਧੀ ਥਾਣਾ ਸਨੌਰ ਦੇ ਮੁਖੀ ਹਰਮਿੰਦਰ ਸਿੰਘ ਨੇ ਫੋਨ ਤੇ ਗੱਲਬਾਤ ਕਰਦਿਆ ਦੱਸਿਆ ਕਿ ਮਾਮਲੇ ਸਬੰਧੀ ਜਾਣਕਾਰੀ ਲੈਕੇ ਬਣਦੀ ਕਾਰਵਾਈ ਕੀਤੀ ਜਾਵੇਗੀ।