ਘੜੂੰਆਂ : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਰਾਸ਼ਟਰੀ ਟੀਕਾਕਰਨ ਦਿਵਸ (ਪਲਸ ਪੋਲਿਓ) ਮੁਹਿੰਮ ਤਹਿਤ ਅੱਜ ਸਿਹਤ ਬਲਾਕ ਘੜੂੰਆਂ ਦੇ ਵੱਖ-ਵੱਖ ਖੇਤਰਾਂ ਵਿੱਚ ਪੋਲਿਓ ਬੂਥ ਸਥਾਪਿਤ ਕਰਕੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲਿਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਮੁਹਿੰਮ ਦੀ ਨਿਗਰਾਨੀ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ, ਤਾਂ ਜੋ ਬਲਾਕ ਦੇ ਹਰ ਯੋਗ ਬੱਚੇ ਤੱਕ ਪੋਲਿਓ ਰੋਧੀ ਦਵਾਈ ਪਹੁੰਚਾਈ ਜਾ ਸਕੇ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਪੋਲਿਓ ਨੂੰ ਪੂਰੀ ਤਰ੍ਹਾਂ ਖਤਮ ਰੱਖਣ ਲਈ ਹਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਹਰ ਪਲਸ ਪੋਲਿਓ ਰਾਊਂਡ ਦੌਰਾਨ ਪੋਲਿਓ ਦੀਆਂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਜ਼ਦੀਕੀ ਪੋਲਿਓ ਬੂਥ 'ਤੇ ਜ਼ਰੂਰ ਲੈ ਕੇ ਆਉਣ ਅਤੇ ਸਿਹਤ ਵਿਭਾਗ ਦਾ ਪੂਰਾ ਸਹਿਯੋਗ ਕਰਨ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਇਹ ਪੋਲਿਓ ਬੂਥ ਸਿਹਤ ਵਿਭਾਗ ਦੇ ਸਟਾਫ, ਆਂਗਣਵਾੜੀ ਵਰਕਰਾਂ, ਵਲੰਟੀਅਰਾਂ, ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਅਤੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹਨ। ਇਸ ਮੁਹਿੰਮ ਵਿੱਚ ਮੈਡੀਕਲ ਅਫਸਰ ਡਾ. ਮੁਨੀਸ਼, ਡਾ. ਸਰੋਜ, ਡਾ. ਪਰਮਿੰਦਰ ਅਤੇ ਡਾ. ਰਾਮਨਦੀਪ ਵੀ ਸਰਗਰਮ ਭੂਮਿਕਾ ਨਿਭਾ ਰਹੇ ਹਨ ਅਤੇ ਵੱਖ-ਵੱਖ ਟੀਮਾਂ ਦੀ ਨਿਗਰਾਨੀ ਕਰ ਰਹੇ ਹਨ। ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਤੇ 30 ਜੂਨ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ (ਹਾਊਸ-ਟੂ-ਹਾਊਸ) ਸਰਵੇ ਅਤੇ ਪੋਲਿਓ ਦੀਆਂ ਬੂੰਦਾਂ ਪਿਲਾਉਣ ਦੀ ਗਤੀਵਿਧੀ ਚਲਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਟੀਮਾਂ ਦੇ ਆਪਣੇ ਘਰ ਪਹੁੰਚਣ 'ਤੇ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਕਾਰਨ ਕਰਕੇ ਕੋਈ ਬੱਚਾ ਬੂਥ 'ਤੇ ਨਹੀਂ ਪਹੁੰਚ ਸਕਿਆ ਤਾਂ ਉਸ ਨੂੰ ਘਰ 'ਤੇ ਹੀ ਪੋਲਿਓ ਦੀਆਂ ਬੂੰਦਾਂ ਜ਼ਰੂਰ ਪਿਲਵਾਈਆਂ ਜਾਣ।