ਸੁਨਾਮ : ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਤੇ ਨਿੱਤ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦੇਣ ਲਈ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਲਾਕ ਦੇ ਦੋ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਬਲਾਕ ਪ੍ਰੈਸ ਸਕੱਤਰ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਮੋਟਰਸਾਈਕਲ ਮਾਰਚ ਉਗਰਾਹਾਂ ਤੋਂ ਸ਼ੁਰੂ ਹੋਕੇ ਮੈਦੇਵਾਸ, ਛਾਜਲਾ, ਛਾਜਲੀ, ਖਡਿਆਲ, ਚੱਠਾ ਨਨਹੇੜਾ, ਸੁਨਾਮ, ਨਮੋਲ, ਸ਼ੇਰੋਂ ਹੋਕੇ ਜਖੇਪਲ ਵਿਖੇ ਸਮਾਪਤ ਹੋਇਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਸੁਖਪਾਲ ਸਿੰਘ ਮਾਣਕ, ਰਾਮ ਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲੇਵਾਲਾ ਅਤੇ ਯਾਦਵਿੰਦਰ ਸਿੰਘ ਨਕਟੇ ਨੇ ਆਖਿਆ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰ ਸਮਝੌਤੇ ਅਤੇ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਦੀ ਮੰਗ ਕਰਨ ਲਈ ਚੰਡੀਗੜ੍ਹ ਵਿਖੇ ਚਾਰ ਜੁਲਾਈ ਨੂੰ ਇੱਕ ਰੋਜ਼ਾ ਧਰਨਾ ਦਿੱਤਾ ਜਾਵੇਗਾ। ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਮੋਟਰਸਾਈਕਲ ਮਾਰਚ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਜੀਤ ਸਿੰਘ ਗੰਢੂਆਂ, ਬਲਜੀਤ ਸਿੰਘ ਮਾਡਲ ਟਾਊਨ, ਗੁਰਤੇਜ ਸਿੰਘ ਮੈਦੇਵਾਸ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।